News

ਦਿੱਲੀ ਸਰਹੱਦਾਂ ’ਤੇ ਮੁੜ ਹੋਣ ਲੱਗਾ ਕਿਸਾਨਾਂ ਦਾ ਰਿਕਾਰਡ ਤੋੜ ਇਕੱਠ

26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਸਾਲ ਪੂਰਾ ਹੋਣ ਤੇ ਕਿਸਾਨਾਂ ਨੂੰ ਸਰਹੱਦਾਂ ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਕਿਸਾਨ ਮੋਰਚਾ ਦੇ ਸੱਦੇ ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਬੀਤੇ ਦਿਨੀਂ ਕਿਸਾਨਾਂ ਦਾ ਇੱਕ ਜੱਥਾ ਅੰਮ੍ਰਿਤਸਰ ਦੇ ਬਿਆਸ ਤੋਂ ਦਿੱਲੀ ਲਈ ਰਵਾਨਾ ਹੋਇਆ ਸੀ।

ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਇਹ 35ਵਾਂ ਜੱਥਾ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 5 ਦਸੰਬਰ ਨੂੰ 36ਵਾਂ ਜੱਥਾ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ। ਇਹ ਜੱਥਾ ਦਿੱਲੀ ਦੇ ਸਿੰਘੂ ਬਾਰਡਰ ਪਹੁੰਚੇਗਾ।

ਰਿਪੋਰਟ ਮੁਤਾਬਕ ਪੰਜਾਬ ਦੇ ਪਿੰਡਾਂ ਚੋਂ ਵੱਡੀ ਗਿਣਤੀ ਵਿੱਚ ਲੋਕ ਦਿੱਲੀ ਸਰਹੱਦ ਵੱਲ ਵਧ ਰਹੇ ਹਨ। ਕਿਸਾਨਾਂ ਦਾ ਵੱਡਾ ਜੱਥਾ ਸੰਗਰੂਰ ਤੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਪੁੱਜਣ ਲਈ ਰਵਾਨਾ ਹੋਇਆ ਹੈ। ਰਿਪੋਰਟ ਮੁਤਾਬਕ 24 ਅਤੇ 25 ਨਵੰਬਰ ਨੂੰ ਹਜ਼ਾਰਾਂ ਕਿਸਾਨ ਸਿੰਘੂ ਅਤੇ ਟਿੱਕਰੀ ਸਰਹੱਦ ‘ਤੇ ਪਹੁੰਚ ਸਕਦੇ ਹਨ।

ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਅੰਦੋਲਨ ਜਾਰੀ ਰਹੇਗਾ। ਇਸ ਦੇ ਨਾਲ ਹੀ ਐਸਕੇਐਮ ਨੇ ਆਪਣੇ ਕਿਸੇ ਵੀ ਪ੍ਰੋਗਰਾਮ ਵਿੱਚ ਬਦਲਾਅ ਨਾ ਕਰਨ ਦੀ ਗੱਲ ਵੀ ਆਖੀ ਹੈ। ਐਸਕੇਐਮ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਵਿੱਚ ਬਿੱਲ ਪਾਸ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਪਿੱਛੇ ਹਟਣ ਵਾਲੇ ਨਹੀਂ ਹਨ।

ਉੱਧਰ ਇੱਕ ਸਾਲ ਪੂਰਾ ਹੋਣ ‘ਤੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਟਰੇਨ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ। ਦਿੱਲੀ ਜਾਣ ਤੋਂ ਪਹਿਲਾਂ ਕਿਸਾਨਾਂ ਨੇ ਕਿਹਾ ਕਿ ਹਾਲਾਂਕਿ ਮੋਦੀ ਸਰਕਾਰ ਨੇ ਕਾਨੂੰਨ ਵਾਪਿਸ ਲੈਣ ਦਾ ਐਾਨ ਕਰ ਦਿੱਤਾ ਪਰ ਉਹਨਾਂ ਦੀ ਐਮਐਸਪੀ ਵਾਲੀ ਮੰਗ ਸਰਕਾਰ ਵੱਲੋਂ ਪੂਰੀ ਨਹੀਂ ਕੀਤੀ ਗਈ।

ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਕਾਨੂੰਨ ਰੱਦ ਹੋਣ ਨਾਲ ਕਿਸਾਨ ਖੁਦਕੁਸ਼ੀਆਂ ਕਰਨੋ ਤਾਂ ਨਹੀਂ ਹਟਣਗੇ। ਉਹਨਾਂ ਕਿਹਾ ਕਿ ਜਿੰਨਾ ਸਮਾਂ ਉੰਨਾ ਦੀਆਂ ਬਾਕੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉੰਨਾ ਸਮਾਂ ਉਹ ਅੰਦੋਲਨ ਨੂੰ ਜਾਰੀ ਰੱਖਣਗੇ।

Click to comment

Leave a Reply

Your email address will not be published. Required fields are marked *

Most Popular

To Top