ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਮੰਤਰੀਆਂ ਨੂੰ ਇਕ-ਦੂਜੇ ਦੇ ਸੂਬਿਆਂ ‘ਚ ਭੇਜਿਆ ਕਰਨਗੀਆਂ: ਸੀਐਮ ਮਾਨ

ਪੰਜਾਬ ਦੇ ਸਿਹਤ, ਸਿੱਖਿਆ ਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਦੇ ਮਨੋਰਥ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਨਾਲ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਕੀਤਾ। ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਇਸ ਸਮਝੌਤੇ ਨੂੰ ਅਨੋਖੀ ਕਿਸਮ ਦੀ ਪਹਿਲ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਉਸਾਰੂ ਤੇ ਮਿਸਾਲੀ ਕਦਮ ਕਰਾਰ ਦਿੱਤਾ।
ਇਸ ਸਮਝੌਤੇ ਦਾ ਉਦੇਸ਼ ਦੋਵਾਂ ਸੂਬਿਆਂ ਵੱਲੋਂ ਲੋਕ ਭਲਾਈ ਲਈ ਇਕ-ਦੂਜੇ ਦਾ ਸਹਿਯੋਗ ਕਰਨ ਲਈ ਗਿਆਨ ਦਾ ਆਦਾਨ-ਪ੍ਰਦਾਨ ਕਰਨਾ ਹੈ। ਇਹ ਸਮਝੌਤਾ ਦੋਵਾਂ ਸਰਕਾਰ ਨੂੰ ਗਿਆਨ, ਤਜਰਬਾ ਤੇ ਮੁਹਾਰਤ ਆਪਸ ‘ਚ ਸਾਂਝਾ ਕਰਨ ਦੇ ਯੋਗ ਬਣਾਏਗਾ।
ਇਸ ਦੇ ਤਹਿਤ ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰਨ ਵਾਸਤੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਇਕ-ਦੂਜੇ ਦੇ ਸੂਬਿਆਂ ‘ਚ ਭੇਜਿਆ ਕਰਨਗੀਆਂ। 117 ਸਰਕਾਰੀ ਸਕੂਲ ਅਤੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸ਼ੁਰੂਆਤ ਵਜੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਇੱਕ-ਇੱਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ ਤਾਂ ਕਿ ਲੋਕਾਂ ਨੂੰ ਉਚ ਪੱਧਰ ਦੀ ਸਿੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਹਾਸਲ ਹੋ ਸਕਣ।
ਦਿੱਲੀ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵਿਸ਼ਵ ਪੱਧਰ ਦਾ ਮਾਡਲ ਲਾਗੂ ਕੀਤਾ ਹੈ ਅਤੇ ਪੰਜਾਬ ਸਰਕਾਰ ਇਸ ਮਾਡਲ ਨੂੰ ਆਪਣੇ ਸੂਬੇ ਵਿਚ ਲਾਗੂ ਕਰਨ ਲਈ ਇਹ ਸਮਝੌਤਾ ਕਰਨ ਵਿਚ ਖੁਸ਼ੀ ਮਹਿਸੂਸ ਕਰਦੀ ਹੈ। ਦੱਸ ਦਈਏ ਕਿ ਕੱਲ੍ਹ 26 ਅਪ੍ਰੈਲ ਨੂੰ ਦਿੱਲੀ ਤੇ ਪੰਜਾਬ ਸਰਕਾਰ ‘ਚ ਨੌਲੇਜ ਸ਼ੇਅਰਿੰਗ ਸਮਝੌਤਾ ਕੀਤਾ ਗਿਆ। ਇਸ ਦੌਰਾਨ ਦਿੱਲੀ ਤੇ ਪੰਜਾਬ ਸਰਕਾਰ ‘ਚ ਸਿੱਖਿਆ ਤੇ ਸਿਹਤ ਨੂੰ ਲੈ ਕੇ ਸਮਝੌਤਾ ਕੀਤਾ ਗਿਆ ਜਿਸ ਨੂੰ ਆਮ ਆਦਮੀ ਪਾਰਟੀ ਨੇ ਨੌਲੇਜ ਸ਼ੇਅਰਿੰਗ ਸਮਝੌਤੇ ਦਾ ਨਾਂ ਦਿੱਤਾ ਹੈ।
