ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਬਹੁ ਕਰੋੜੀ ਘੁਟਾਲੇ ਦੇ ਮਾਮਲੇ ਨੇ ਲਗਾਤਾਰ ਤੂਲ ਫੜਿਆ ਹੋਇਆ ਹੈ ਜਿਸ ਦੇ ਚਲਦੇ ਆਏ ਦਿਨ ਵਿਰੋਧੀ ਪਾਰਟੀਆਂ ਵੱਲੋਂ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਧਰਨੇ ਪ੍ਰਰਦਰਸ਼ਨ ਕੀਤੇ ਜਾ ਰਹੇ ਨੇ, ਪੁਤਲੇ ਫੂਕੇ ਜਾ ਰਹੇ ਨੇ ਤੇ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ, ਇਸੇ ਤਰ੍ਹਾਂ ਹੀ ਜ਼ਿਲ੍ਹਾ ਫਾਜ਼ਿਲਕਾ ਦੇ ਅਬਹੋਰ ‘ਚ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਸਿੰਘ ਰੋਮਾਣਾ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਹਰਵਿੰਦਰ ਸਿੰਘ ਹੈਰੀ ਦੀ ਅਗਵਾਈ ‘ਚ ਯੂਥ ਅਕਾਲੀ ਦਲ ਵੱਲੋਂ ਸਦਰ ਬਾਜ਼ਾਰ ‘ਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੁਕਿਆ ਗਿਆ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਉਧਰ ਯੂਥ ਅਕਾਲੀ ਦਲ ਦੇ ਆਗੂ ਸੁਖਜਿੰਦਰ ਸਿੰਘ ਨੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਸਾਧੂ ਸਿੰਘ ਧਰਮਸੋਤ ਵੱਲੋਂ ਜੋ ਬਹੁਤ ਵੱਡੀ ਲੁੱਟ ਕੀਤੀ ਗਈ ਹੈ ਇਹ ਸਰਕਾਰ ਦੇ ਮੂੰਹ ਤੇ ਚਪੇੜ ਹੈ ਜਿਸ ਦੇ ਚਲਦੇ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਛੇਤੀ ਤੋਂ ਛੇਤੀ ਸਾਧੂ ਸਿੰਘ ਧਰਮਸੋਤ ਨੂੰ ਸਾਰੇ ਅਹੁਦਿਆਂ ਤੋਂ ਬਰਖ਼ਾਸਤ ਕੀਤਾ ਜਾਵੇ। ਇਸ ਦੇ ਨਾਲ ਹੀ ਯੂਥ ਅਕਾਲੀ ਦੇ ਆਗੂ ਦਾ ਕਹਿਣਾ ਹੈ ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਲੋਕ ਭਲਾਈ ਦੇ ਕੰਮ ਕਰਨ ‘ਚ ਲੱਗੀ ਹੋਈ ਹੈ ਤੇ ਦੂਜੇ ਪਾਸੇ ਕਾਂਗਰਸ ਸਰਕਾਰ ਦਾ ਅੱਜ ਸਾਰੇ ਪੰਜਾਬ ‘ਚ ਬੁਰਾ ਹਾਲ ਹੈ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ।
ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ 64 ਕਰੋੜ 91 ਲੱਖ ਰੁਪਏ ਦਾ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਨੇ ਤੇ ਇਸ ਦਾ ਖੁਲਾਸਾ ਖੁਦ ਉਨ੍ਹਾਂ ਦੇ ਮਹਿਕਮੇ ਦੇ ਸੈਕਟਰੀ ਵੱਲੋਂ ਕੀਤਾ ਦੱਸਿਆ ਜਾ ਰਿਹਾ ਹੈ, ਇੰਨੇ ਵੱਡੇ ਹੋਏ ਘੁਟਾਲੇ ਤੋਂ ਬਾਅਦ ਕੈਪਟਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਤੇ ਹੈ। ਇਸੇ ਨਾਲ ਹੀ ਇਹ ਵੀ ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਹ ਸਾਫ਼ ਕਰ ਦਿੱਤਾ ਹੈ ਜੇ ਆਉਣ ਵਾਲੇ ਸਮੇਂ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਜ਼ਰੂਰ ਕਰਵਾਉਣਗੇ।
