ਨਰਸਿੰਗ ਸਟਾਫ ਦਾ ਰੋਸ, ਕਿਹਾ ‘ਕੋਰੋਨਾ ‘ਚ ਜਾਨ ’ਤੇ ਖੇਡ ਕੇ ਲੋਕਾਂ ਦੀ ਕੀਤੀ ਸੇਵਾ ਪਰ ਸਰਕਾਰ ਨੇ ਨਹੀਂ ਪਾਇਆ ਮੁੱਲ

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਜੱਚਾ ਬੱਚਾ ਕੇਂਦਰ ਦੇ ਬਾਹਰ ਸਟਾਫ ਨਰਸਾਂ ਵੱਲੋਂ ਹੜਤਾਲ ਕੀਤੀ ਗਈ ਹੈ ਅਤੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਨ੍ਹਾਂ ਨਰਸਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਲੰਗੜਾ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ ਜਿਸ ਦਾ ਉਨ੍ਹਾਂ ਨੂੰ ਕੋਈ ਫ਼ਾਇਦਾ ਨਹੀਂ ਹੋ ਰਿਹਾ। ਜਦੋਂ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਸਰਕਾਰ ਮੁਲਾਜ਼ਮਾਂ ਨੂੰ ਕੁਝ ਰਾਹਤ ਦੇਵੇਗੀ।

ਕਮਿਸ਼ਨ ਲਾਗੂ ਹੋਣ ਨਾਲ ਉਨ੍ਹਾਂ ਦੀ ਤਨਖ਼ਾਹ ’ਚ ਵਾਧਾ ਹੋਵੇਗਾ ਅਤੇ ਮਹਿੰਗਾਈ ਦੇ ਇਸ ਜ਼ਮਾਨੇ ਵਿੱਚ ਉਹ ਆਪਣੇ ਘਰ ਦਾ ਗੁਜ਼ਾਰਾ ਕਰ ਸਕਣਗੀਆਂ ਪਰ ਸਰਕਾਰ ਨੇ ਉਨ੍ਹਾਂ ਨੂੰ ਕੋਈ ਫਾਇਦਾ ਨਹੀਂ ਪਹੁੰਚਾਇਆ। ਨਰਸਾਂ ਨੇ ਕਿਹਾ ਕਿ ਪੰਜਾਬ ਭਰ ਵਿਚ ਸਿਵਲ ਹਸਪਤਾਲਾਂ ਅੰਦਰ ਨਰਸਿੰਗ ਸਟਾਫ ਵੱਲੋਂ ਇਹ ਹੜਤਾਲ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਜਦੋਂ ਮਹਾਂਮਾਰੀ ਦਾ ਸਮਾਂ ਸੀ ਉਦੋਂ ਨਰਸਿੰਗ ਸਟਾਫ਼ ਨੇ ਹੀ ਅੱਗੇ ਵਧ ਕੇ ਆਪਣੀ ਜਾਨ ਤੇ ਖੇਡ ਕੇ ਲੋਕਾਂ ਦੀ ਸੇਵਾ ਕੀਤੀ ਕਈ ਜ਼ਿੰਦਗੀਆਂ ਬਚਾਈਆਂ ਪਰ ਇਸ ਦੇ ਬਾਵਜੂਦ ਸਰਕਾਰ ਨੇ ਉਨ੍ਹਾਂ ਨੂੰ ਰਿਵਾਰਡ ਤਾਂ ਕੀ ਦੇਣਾ ਸੀ ਸਗੋਂ ਜੋ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਉਸ ਦਾ ਵੀ ਪੂਰਾ ਫ਼ਾਇਦਾ ਉਨ੍ਹਾਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੀਆਂ ਨਰਸਾਂ ਕੱਚੇ ਤੌਰ ਤੇ ਕੰਮ ਕਰ ਰਹੀਆਂ ਹਨ ਉਹਨਾਂ ਨੂੰ ਤੁਰੰਤ ਪੱਕਾ ਕੀਤਾ ਜਾਣਾ ਚਾਹੀਦਾ ਹੈ।
