ਨਵਜੋਤ ਸਿੱਧੂ ਨੇ ਜਿੱਤਿਆ ਪ੍ਰਧਾਨਗੀ ਵਾਲਾ ਅਹੁਦਾ, ਵਧਾਈਆਂ ਦੀ ਲੱਗੀ ਝੜੀ

ਹਾਈ ਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਸਾਬਕਾ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਤੋਂ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਹੱਥ ਵਿੱਚ ਦੇ ਦਿੱਤੀ ਹੈ। ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਹੁਣ ਉਹ ਸੁਨੀਲ ਜਾਖੜ ਦੀ ਥਾਂ ਲੈਣਗੇ। ਇਸਦੇ ਨਾਲ ਹੀ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ। ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਖਵਿੰਦਰ ਡੈਨੀ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ।

ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਇਸ ਦੌਰਾਨ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵਾੜਿੰਗ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸੋਮਵਾਰ ਸਵੇਰੇ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਪਹੁੰਚੇ ਹਨ। ਦੋਹਾਂ ਵਿਧਾਇਕਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਦਿੱਤੀ ਹੈ। ਅਗਲੇ ਸਾਲ ਰਾਜ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਅਜਿਹੀ ਸਥਿਤੀ ਵਿੱਚ ਕਾਂਗਰਸ ਹਾਈ ਕਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਨਵਜੋਤ ਸਿੰਘ ਸਿੱਧੂ ਦੇ ਨਾਮ ਤੇ ਮੋਹਰ ਲਾ ਦਿੱਤੀ ਹੈ।

ਦੱਸ ਦਈਏ ਕਿ ਰਾਜਾ ਵਾੜਿੰਗ ਨੇ ਅਪਣੇ ਫੇਸਬੁੱਕ ਪੇਜ਼ ਰਾਹੀਂ ਵੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਵਧਾਈ ਦਿੱਤੀ ਸੀ। ਉਹਨਾਂ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਉਹ ਦਿਨ ਆ ਗਿਆ ਜਿਸ ਦਾ ਸਾਰੇ ਪੰਜਾਬ ਨੂੰ ਇੰਤਜ਼ਾਰ ਸੀ। ਪਰ ਉੱਥੇ ਹੀ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਵੀ ਦੇਰ ਰਾਤ ਤੱਕ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਉਹਨਾਂ ਨੂੰ ਸ਼ੁਭਕਾਮਨਾਵਾਂ ਦਾ ਕੋਈ ਸੁਨੇਹਾ ਨਹੀਂ ਆਇਆ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦੇਰ ਸ਼ਾਮ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਸੀ।
