ਨਸ਼ੇ ਦੇ ਦੈਂਤ ਨੇ ਨਿਗਲਿਆ 18 ਸਾਲਾ ਨੌਜਵਾਨ, ਪਿਓ ਨੇ ਲੋਕਾਂ ਨੂੰ ਨਸ਼ੇ ਖਿਲਾਫ਼ ਆਵਾਜ਼ ਚੁੱਕਣ ਦੀ ਕੀਤੀ ਅਪੀਲ

 ਨਸ਼ੇ ਦੇ ਦੈਂਤ ਨੇ ਨਿਗਲਿਆ 18 ਸਾਲਾ ਨੌਜਵਾਨ, ਪਿਓ ਨੇ ਲੋਕਾਂ ਨੂੰ ਨਸ਼ੇ ਖਿਲਾਫ਼ ਆਵਾਜ਼ ਚੁੱਕਣ ਦੀ ਕੀਤੀ ਅਪੀਲ

ਖਡੂਰ ਸਾਹਿਬ ਵਿੱਚ 18 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਉਕਤ ਨੌਜਵਾਨ ਦੇ ਪਿਤਾ ਜਸਵਿੰਦਰ ਸਿੰਘ ਗ੍ਰੰਥੀ ਭਾਵੁਕ ਹੋ ਗਏ। ਪੁੱਤ ਦੀ ਬਦਲੀ ਚਿਖਾ ਸਾਹਮਣੇ ਹੰਝੂ ਭਰੀਆਂ ਅੱਖਾਂ ਨਾਲ ਲੋਕਾਂ ਨੂੰ ਇਕਜੁੱਟ ਹੋ ਕੇ ਨਸ਼ੇ ਖਿਲਾਫ਼ ਆਵਾਜ਼ ਚੁੱਕਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਚਿੱਟੇ ਦੀ ਅੱਗ ਨੇ ਅੱਜ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ।

ਅੱਜ ਜੇ ਸਾਰੇ ਇਕੱਠੇ ਨਾ ਹੋਏ ਤਾਂ ਇਹ ਅੱਗ ਸਾਰਿਆਂ ਦੇ ਘਰਾਂ ਤੱਕ ਪਹੁੰਚ ਜਾਵੇਗੀ। ਗ੍ਰੰਥੀ ਨੇ ਹੰਝੂ ਭਰੀਆਂ ਅੱਖਾਂ ਨਾਲ ਕਿਹਾ ਕਿ ਖਡੂਰ ਸਾਹਿਬ ਜ਼ਿਲ੍ਹੇ ਵਿੱਚ 15 ਤੋਂ 22 ਸਾਲ ਤੱਕ ਦੇ ਨੌਜਵਾਨ ਖ਼ਤਮ ਹੋ ਚੁੱਕੇ ਹਨ। ਉਹਨਾਂ ਕਿਹਾ ਕਿ, ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਨਸ਼ਾ ਖਰੀਦਣ ਅਤੇ ਵੇਚਣ ਵਾਲਿਆਂ ਦਾ ਵਿਰੋਧ ਕਰਨਾ ਪਵੇਗਾ।

ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਪਿੰਡ ਦੇ ਨੇੜੇ ਵਹਿਣ ਵਾਲੀ ਨਹਿਰ ਦੀਆਂ ਝਾੜੀਆਂ ਵਿੱਚੋਂ ਬਰਾਮਦ ਹੋਈ ਸੀ। ਮ੍ਰਿਤਕ ਦੇ ਚਚੇਰੇ ਭਰਾ ਨੇ ਭਤੀਜੇ ਦੇ ਹੱਥ ਤੇ ਸਰਿੰਜ ਦੇ ਨਿਸ਼ਾਨ ਦੇਖ ਕੇ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਗੱਲ ਆਖੀ ਸੀ। ਉਧਰ ਮ੍ਰਿਤਕ ਦੇ ਪਿਤਾ ਜਸਵਿੰਦਰ ਸਿੰਘ ਨੇ ਵੀ ਕਿਹਾ ਕਿ ਜਤਿੰਦਰ ਦੀ ਮੌਤ ਨਸ਼ੇ ਕਾਰਨ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਰਿਵਾਰ ਆ ਇਕਲੌਤਾ ਭਰਾ ਸੀ, ਨਾ ਤਾਂ ਉਸ ਦਾ ਕੋਈ ਭਰਾ ਹੈ ਤੇ ਨਾ ਹੀ ਕੋਈ ਭੈਣ। ਇਸ ਸੰਬੰਧੀ ਜਦੋਂ ਥਾਣਾ ਗੋਇੰਦਵਾਲ ਸਾਹਿਬ ਦੇ ਐੱਸ. ਐੱਚ. ਓ. ਰਾਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਵਿਚ ਫਿਲਹਾਲ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਪੁਲਸ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਕਾਲ ਡਿਟੇਲ ਵੀ ਖੰਘਾਲੀ ਜਾ ਰਹੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

Leave a Reply

Your email address will not be published.