ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨਾਂ ’ਚ ਹੋਈ ਬਹਿਸ, ਕਿਸਾਨਾਂ ਨੇ ਰੁਕਵਾਇਆ ਕੰਮ

 ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨਾਂ ’ਚ ਹੋਈ ਬਹਿਸ, ਕਿਸਾਨਾਂ ਨੇ ਰੁਕਵਾਇਆ ਕੰਮ

ਬਿਆਸ-ਡੇਰਾ ਬਾਬਾ ਨਾਨਕ ਨੈਸ਼ਨਲ ਹਾਈਵੇਅ ਬਣਾਉਣ ਲਈ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਬਟਾਲਾ ਨੇੜਲੇ ਪਿੰਡ ਨਵਾਂ ਰੰਗੜ ਨੰਗਲ ਦੇ ਨਜ਼ਦੀਕ ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਨੇ ਚਲਦੇ ਕੰਮ ਨੂੰ ਰੁਕਵਾਉਂਦਿਆਂ ਪ੍ਰਸ਼ਾਸਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

PunjabKesari

ਕਿਸਾਨਾਂ ਦਾ ਕਹਿਣਾ ਸੀ ਕਿ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਘੱਟ ਮੁੱਲ ਦਿੱਤਾ ਗਿਆ ਹੈ ਅਤੇ 100 ਫ਼ੀਸਦੀ ਉਜਾੜਾ ਭੱਤਾ ਵੀ ਨਹੀਂ ਦਿੱਤਾ ਗਿਆ। ਕਈ ਹੋਰ ਮੰਗਾਂ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਇਸ ਜ਼ਮੀਨ ਤੇ ਕਬਜ਼ਾ ਨਹੀਂ ਕਰਨ ਦਿੱਤਾ। ਪ੍ਰਸ਼ਾਸਨ ਅਤੇ ਕਿਸਾਨਾਂ ਵਿੱਚ ਬਹਿਸ ਵੀ ਹੋਈ। ਮਾਹੌਲ ਤਣਾਅਪੂਰਨ ਬਣਿਆ ਰਿਹਾ। ਮੌਕੇ ਤੇ ਪਹੁੰਚੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ, ਜੋ ਬੇਸਿੱਟਾ ਰਹੀ।

ਦੱਸ ਦਈਏ ਕਿ ਇਹ ਹਾਈਵੇ ਅੱਗੇ ਜਾ ਕੇ ਦਿੱਲੀ-ਕੱਟੜਾ ਐਕਸਪ੍ਰੈਸ ਹਾਈਵੇ ਨਾਲ ਜਾ ਮਿਲਣਾ ਹੈ। ਇਸ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਉਹਨਾਂ ਨਾਲ ਧੱਕੇਸ਼ਾਹੀ ਤੇ ਉਤਰ ਆਈ ਹੈ। ਉਹਨਾਂ ਨੂੰ ਨਾ ਨੋਟਿਸ ਦਿੱਤਾ ਗਿਆ ਅਤੇ ਨਾ ਹੀ ਉਹਨਾਂ ਦੀ ਜ਼ਮੀਨ ਦੀ ਪੂਰੀ ਰਕਮ ਹੀ ਉਹਨਾਂ ਦੇ ਖਾਤਿਆਂ ਵਿੱਚ ਪਾਈ ਗਈ, ਨਾਲ ਹੀ ਉਹਨਾਂ ਨੂੰ ਇੱਕ ਸਾਰ ਮੁੱਲ ਵੀ ਨਹੀਂ ਦਿੱਤਾ ਜਾ ਰਿਹਾ।

ਉਹਨਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਕਿਹਾ ਸੀ ਕਿ ਪੂਰਾ ਮੁੱਲ ਦਿੱਤਾ ਜਾਵੇਗਾ ਅਤੇ ਨਾਲ ਹੀ 100 ਫ਼ੀਸਦੀ ਉਜਾੜਾ ਭੱਤਾ ਵੀ ਦਿੱਤਾ ਜਾਵੇਗਾ ਪਰ ਉਹਨਾਂ ਨੂੰ ਅਜੇ ਤੱਕ ਕੁੱਝ ਵੀ ਨਹੀਂ ਮਿਲਿਆ। ਇਸ ਮਸਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਵੀ ਕੀਤੀਆਂ ਗਈਆਂ ਪਰ ਕੋਈ ਨਤੀਜਾ ਨਹੀਂ ਨਿਕਲਿਆ।

ਜ਼ਿਲ੍ਹਾ ਮਾਲ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਬਿਆਸ-ਡੇਰਾ ਬਾਬਾ ਨਾਨਕ ਹਾਈਵੇਅ ਬਣਾਉਣ ਲਈ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਅਤੇ ਜਿਹੜੀਆਂ ਜ਼ਮੀਨਾਂ ਦਾ ਝਗੜਾ ਚੱਲ ਰਿਹਾ ਹੈ ਜਾਂ ਫਿਰ ਜਿਹਨਾਂ ਜ਼ਮੀਨਾਂ ਤੇ ਕਬਜ਼ੇ ਹੋ ਰੱਖੇ ਹਨ ਕਾਨੂੰਨ ਮੁਤਾਬਕ ਉਹਨਾਂ ਨੂੰ ਮੁਆਵਜ਼ੇ ਦੀ ਰਕਮ ਨਹੀਂ ਦਿੱਤਾ ਜਾ ਸਕਦੀ। ਉਹ ਪਹਿਲਾਂ ਆਪਣੇ ਝਗੜੇ ਨੂੰ ਖ਼ਤਮ ਕਰਕੇ ਜਾਂ ਫਿਰ ਕਬਜ਼ੇ ਨੂੰ ਲੈ ਕੇ ਪੁਖਤਾ ਕਾਗਜ਼ਾਤ ਲੈ ਕੇ ਆਉਣ ਤਾਂ ਹੀ ਇਹ ਮੁਆਵਜ਼ਾ ਮਿਲ ਸਕਦਾ ਹੈ। ਦੂਜੇ ਪਾਸੇ ਉਹਨਾਂ ਦਾ ਕਹਿਣਾ ਸੀ ਕਿ ਕੁਝ ਕਿਸਾਨਾਂ ਨੂੰ ਉਹਨਾਂ ਦਾ ਬਣਦਾ ਮੁਆਵਜ਼ਾ ਦੇ ਦਿੱਤਾ ਗਿਆ ਹੈ।

Leave a Reply

Your email address will not be published. Required fields are marked *