ਪਟਨਾ ਸਾਹਿਬ ‘ਚ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਦਾ ਵਿਰੋਧ, ਹੁਣ ਜਥੇਦਾਰ ਲੈਣਗੇ ਕੋਈ ਵੱਡਾ ਫ਼ੈਸਲਾ?

ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕਰਮਚਾਰੀਆਂ ਦੇ ਨਸ਼ਿਆਂ ਸਬਧੀ ਟੈਸਟ ਕਰਵਾਉਣ ਦੇ ਕੀਤੇ ਗਏ ਫ਼ੈਸਲੇ ਦਾ ਪਟਨਾ ਸਾਹਿਬ ਵਿਖੇ ਸਖ਼ਤ ਵਿਰੋਧ ਹੋਇਆ ਹੈ। ਇਸੇ ਤਰ੍ਹਾਂ ਪ੍ਰਬੰਧਕੀ ਬੋਰਡ ਦੇ ਦੋ ਮੈਂਬਰਾਂ, ਜਿਹਨਾਂ ਨੂੰ ਤਨਖ਼ਾਹ ਲਾਈ ਗਈ ਹੈ ਨੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਦੇ ਇਸ ਫ਼ੈਸਲੇ ਨਾਲ ਸਹਿਮਤੀ ਪ੍ਰਗਟਾਈ ਹੈ।
ਜਾਣਕਾਰੀ ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਕੁਝ ਕਰਮਚਾਰੀਆਂ ਤੇ ਹੋਰਨਾਂ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਹੈ। ਇਸ ਸਬੰਧੀ ਰੋਸ ਵਿਖਾਵਾ ਕੀਤਾ ਗਿਆ ਤੇ ਪੁਤਲਾ ਵੀ ਸਾੜਿਆ ਗਿਆ।
ਦੱਸ ਦਈਏ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ ਅਤੇ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਨੂੰ ਤਨਖ਼ਾਹ ਲਾਈ ਗਈ ਹੈ।
ਇਹਨਾਂ ਤੋਂ ਇਲਾਵਾ ਬੋਰਡ ਦੇ ਇੱਕ ਮੈਂਬਰ ਨੂੰ ਉਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖ਼ਾਹ ਨੂੰ ਪੂਰਾ ਕਰਨ ਦੇ ਹੁਕਮ ਦਿੱਤੇ ਗਏ ਹਨ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਧੇਰੇ ਮੁਲਾਜ਼ਮ ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕਰਦੇ ਹਨ। ਉਹਨਾਂ ਪ੍ਰਬੰਧਕੀ ਕਮੇਟੀ ਨੂੰ ਮੁਲਾਜ਼ਮਾਂ ਦੇ ਨਸ਼ਿਆਂ ਸਬੰਧੀ ਟੈਸਟ ਕਰਵਾਉਣ ਤੇ ਮੁਲਜ਼ਮ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਸਬੰਧੀ ਹੁਕਮ ਦਿੱਤੇ ਹਨ।