News

ਪਟਿਆਲਾ ’ਚ ਗਰਜਿਆ ਨਵਜੋਤ ਸਿੱਧੂ, ਕੇਂਦਰ ਖਿਲਾਫ਼ ਖੋਲ੍ਹੇ ਵੱਡੇ ਰਾਜ

ਲੰਮੇ ਸਮੇਂ ਦੀ ਚੁੱਪੀ ਤੋਂ ਬਾਅਦ ਅੱਜ ਆਖਿਰਕਾਰ ਨਵਜੋਤ ਸਿੱਧੂ ਬੋਲ ਪਏ। ਨਵਜੋਤ ਸਿੱਧੂ ਨੇ ਪਟਿਆਲਾ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੇ ਜਮ ਕੇ ਨਿਸ਼ਾਨੇ ਵਿੰਨ੍ਹੇ ਹਨ। ਨਵਜੋਤ ਸਿੱਧੂ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇਣ ਨੂੰ ਕੇਂਦਰ ਸਰਕਾਰ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।

ਉਨ੍ਹਾਂ ਕੇਂਦਰੀ ਮੰਤਰੀ ਪਿਊਸ਼ ਗੋਇਲ ਉਤੇ ਕਈ ਇਲਜ਼ਾਮ ਵੀ ਮੜੇ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਦਾ ਇਕੋ-ਇਕ ਮਕਸਦ ਸਿਰਫ ਪੰਜਾਬ ਦੀ ਖੇਤੀ, ਕਿਸਾਨੀ ਤੇ ਰੁਜ਼ਗਾਰ ਨੂੰ ਤਬਾਹ ਕਰਨਾ ਹੈ। ਸਿੱਧੂ ਨੇ ਕਿਹਾ ਹੈ ਕਿ ਦੇਸ਼ ਦੇ ਖ਼ੁਰਾਕ ਮੰਤਰੀ ਪਿਯੂਸ਼ ਗੋਇਲ ‘ਝੂਠੇ’ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਉਨ੍ਹਾਂ ਦੀ ਚਿੱਠੀ ਮੁਤਾਬਕ ਆਨਲਾਈਨ ਐਮਐਸਪੀ ਭੁਗਤਾਨ ਨੂੰ ਲਾਗੂ ਕਰ ਦਿੱਤਾ ਗਿਆ ਤਾਂ ਛੋਟੇ ਕਿਸਾਨਾਂ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ।

ਪਟਿਆਲਾ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੀਯੂਸ਼ ਗੋਇਲ ਦੀਆਂ ਕਾਰਵਾਈਆਂ ਪੰਜਾਬ ਖਿਲਾਫ ਵੱਡੀ ਸਾਜ਼ਿਸ਼ ਦਾ ਹਿੱਸਾ ਹਨ ਅਤੇ ਇਸੇ ਤਹਿਤ ਕੇਂਦਰ ਵੱਲੋਂ ਪੰਜਾਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਚਿੱਠੀ ਨੂੰ ਝੂਠਾਂ ਦਾ ਪੁਲੰਦਾ ਵੀ ਕਿਹਾ ਹੈ।

ਸਿੱਧੂ ਦਾ ਇਲਜ਼ਾਮ ਹੈ ਕਿ ਕੇਂਦਰ ਵੱਲੋਂ ਲਿਖੀ ਚਿੱਠੀ ਵਿੱਚ ਇਹ ਲਿਖਿਆ ਗਿਆ ਹੈ ਕਿ ਪੰਜਾਬ ਦੇ ਲੈਂਡ ਰਿਕਾਰਡ ਵਿਭਾਗ ਕੋਲ ਸਾਰੀਆਂ ਜ਼ਮੀਨਾਂ ਦੇ ਰਿਕਾਰਡ ਨੇ ਜਦਕਿ ਇਹ ਬਿਲਕੁਲ ਗਲਤ ਹੈ ਅਤੇ ਇਸੇ ਕਾਰਨ ਕਿਸਾਨਾਂ ਨੂੰ ਐਮਐਸਪੀ ਦੇ ਸਿੱਧੇ ਆਨਲਾਈਨ ਭੁਗਤਾਨ ਦਾ ਕੋਈ ਵੀ ਫ਼ਾਇਦਾ ਨਹੀਂ ਹੋਵੇਗਾ।

ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਉੱਤੇ ਅਡਾਨੀਆਂ ਤੇ ਅੰਬਾਨੀਆਂ ਦੀ ਅਗਵਾਈ ਹੇਠਲੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਦੇ ਇਲਜ਼ਾਮ ਵੀ ਲਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੈਂਡ ਰਿਕਾਰਡਜ਼ ਦੇ ਬਹਾਨੇ ਕਿਸਾਨਾਂ ਨੂੰ ਆਰਥਿਕ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਸਿੱਧੂ ਮੁਤਾਬਕ ਕਿਸਾਨ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕਰ ਰਹੇ ਹਨ,  ਇਸੇ ਲਈ ਕੇਂਦਰ ਸਰਕਾਰ ਹੁਣ ਕਿਸਾਨਾਂ ਨੂੰ ਕਿਵੇਂ ਨਾ ਕਿਵੇਂ ਦੱਬਣ ਲੱਗੀ ਹੋਈ ਹੈ। ਦੱਸ ਦਈਏ ਕਿ ਬੀਤੇ ਦਿਨੀਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਇੱਕ ਲੰਮੀ ਚਿੱਠੀ ਲਿਖੀ ਸੀ, ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ ਲੈਂਡ ਰਿਕਾਰਡ ਅਤੇ ਸਿੱਧੀ ਅਦਾਇਗੀ ਨੂੰ ਲੈ ਕੇ ਕੇਂਦਰ ਦੀ ਸ਼ਰਤਾਂ ਜਲਦੀ ਲਾਗੂ ਕਰਨ ਨਹੀਂ ਤਾਂ ਕਣਕ ਦੀ ਫਸਲ ਲਈ ਅਦਾਇਗੀ ਨਹੀਂ ਕੀਤੀ ਜਾਵੇਗੀ ਜਿਸ ਤੋਂ ਬਾਅਦ ਹੁਣ ਸਿੱਧੂ ਨੇ ਕੇਂਦਰ ਖਿਲਾਫ ਆਪਣੇ ਪੱਤੇ ਖੋਲ੍ਹੇ ਹਨ।

Click to comment

Leave a Reply

Your email address will not be published.

Most Popular

To Top