ਪਟਿਆਲਾ ਦੇ ਕਾਲਜ ’ਚ 100 ਤੋਂ ਵੱਧ ਵਿਦਿਆਰਥੀਆਂ ਨੂੰ ਹੋਇਆ ਕੋਰੋਨਾ, ਤੁਰੰਤ ਹੋਸਟਲ ਖਾਲੀ ਕਰਨ ਦੇ ਹੁਕਮ

ਦੇਸ਼ ਦੇ ਹੋਰਨਾਂ ਸੂਬਿਆਂ ਦੇ ਨਾਲ-ਨਾਲ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਪਟਿਆਲਾ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਤੋਂ ਬਾਅਦ ਤੁਰੰਤ ਹੋਸਟਲ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਹਨ। ਹੋਸਟਲ ਵਿੱਚ ਕਰੀਬ ਇੱਕ ਹਜ਼ਾਰ ਵਿਦਿਆਰਥੀ ਰਹਿੰਦੇ ਹਨ। ਇਸ ਦੇ ਨਾਲ ਹੀ ਕੁਝ ਅਜਿਹਾ ਹੀ ਹਾਲ ਯੂਨੀਵਰਸਿਟੀ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਵਿੱਚ ਕੋਰੋਨਾ ਸਥਿਤੀ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਰਾਤ ਨੂੰ ਹੰਗਾਮੀ ਮੀਟਿੰਗ ਵੀ ਬੁਲਾਈ ਸੀ। ਮੀਟਿੰਗ ਦੌਰਾਨ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਪੰਜਾਬ ਵਿੱਚ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ। ਇੱਥੇ ਐਤਵਾਰ ਨੂੰ 3 ਮਰੀਜ਼ਾਂ ਤੋਂ ਬਾਅਦ ਸੋਮਵਾਰ ਨੂੰ ਵੀ ਇੱਕ ਮਰੀਜ਼ ਦੀ ਮੌਤ ਹੋਈ ਹੈ। ਇਸ ਸਮੇਂ ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1741 ਹੋ ਗਈ ਹੈ।
ਸੂਬੇ ਵਿੱਚ ਪਟਿਆਲਾ ਦੀ ਸਥਿਤੀ ਸਭ ਤੋਂ ਚਿੰਤਾਜਨਕ ਹੈ। ਇੱਥੇ ਸੋਮਵਾਰ ਨੂੰ 143 ਮਰੀਜ਼ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਦੂਜੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਪਠਾਨਕੋਟ ਵਿੱਚ 58 ਮਰੀਜ਼ ਮਿਲੇ ਹਨ, ਜਦੋਂ ਕਿ ਲੁਧਿਆਣਾ ਵਿੱਚ 57 ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਬਠਿੰਡਾ ਵਿੱਚ 16, ਮੋਹਾਲੀ ਵਿੱਚ 30, ਜਲੰਧਰ ਵਿੱਚ 24, ਅੰਮ੍ਰਿਤਸਰ ਵਿੱਚ 20, ਹੁਸ਼ਿਆਰਪੁਰ ਵਿੱਚ 13, ਕਪੂਰਥਲਾ ਵਿੱਚ 12 ਤੇ ਗੁਰਦਾਸਪੁਰ ਵਿੱਚ 10 ਮਰੀਜ਼ ਪਾਏ ਗਏ ਹਨ।
