ਪੀਐਮ ਮੋਦੀ ਅਤੇ ਸ਼ਾਹ ਨਾਲ ਮੁਲਾਕਾਤ ਕਰਨਗੇ ਕੈਪਟਨ ਅਮਰਿੰਦਰ ਸਿੰਘ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਵੱਖ ਵੱਖ ਕਿਸਾਨ ਜੱਥੇਬੰਦੀਆਂ ਹਰ ਦਿਨ ਇਸ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਉਹਨਾਂ ਵੱਲੋਂ ਚਲਾਇਆ ਜਾ ਰਿਹਾ ਰੇਲ ਰੋਕੋ ਅੰਦੋਲਨ ਵੀ ਦੇਸ਼ ਦੀ ਅਰਥਵਿਵਸਥਾ ਦੀ ਕਮਰ ਤੋੜਦਾ ਨਜ਼ਰ ਆ ਰਿਹਾ ਹੈ।

ਸੂਬੇ ਵਿੱਚ ਉਥਲ-ਪੁਥਲ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕਿਸਾਨਾਂ ਦੁਆਰਾ ਰੇਲ ਨਾਕਾਬੰਦੀ ਖਤਮ ਕਰਨ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।
ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਉਹ ਇਸ ਮੁੱਦੇ ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਤੋਂ ਸੂਬੇ ਵਿੱਚ ਰੇਲ ਸੇਵਾਵਾਂ ਨੂੰ ਬਹਾਲ ਕਰਨ ਲਈ ਗੁਜ਼ਾਰਿਸ਼ ਕਰਨਗੇ।
ਕੈਪਟਨ ਨੇ ਕਿਹਾ ਕਿ ਇਸ ਮੁੱਦੇ ਤੇ ਕੇਂਦਰ ਸਰਕਾਰ ਨੂੰ ਵੱਡਾ ਦਿਲ ਦਿਖਾਉਂਦੇ ਹੋਏ ਸਹਿਜਤਾ ਨਾਲ ਕੰਮ ਲੈਣਾ ਚਾਹੀਦਾ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ ਕਿਸਾਨ ਅੰਦੋਲਨ ਦੇ ਕਾਰਨ ਰੇਲ ਯਾਤਾਯਾਤ ਬੁਰੀ ਤਰ੍ਹਾਂ ਪ੍ਰਭਾਵਿਤ ਹੈ।
ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਨੂੰ 50 ਦਿਨ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਦੌਰਾਨ 1986 ਯਾਤਰੀ ਰੇਲ ਗੱਡੀਆਂ ਅਤੇ 3090 ਮਾਲ ਗੱਡੀਆਂ ਦੇ ਰੱਦ ਹੋਣ ਕਾਰਨ ਰਾਜ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਮਹਣਾ ਕਰਨਾ ਪੈ ਰਿਹਾ ਹੈ।
