ਸੰਯੁਕਤ ਕਿਸਾਨ ਮੋਰਚਾ ਵੱਲੋਂ ਪੀਐਮ ਮੋਦੀ ਦੀ ਪੰਜਾਬ ਰੈਲੀ ਨੂੰ ਲੈ ਕੇ ਇੱਕ ਬਿਆਨ ਸਾਹਮਣੇ ਆਇਆ ਹੈ। ਕਿਸਾਨ ਮੋਰਚਾ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪ੍ਰੋਗਰਾਮ ਵਿੱਚ ਰੁਕਾਵਟ ਪਾਉਣ ਦੇ ਇਰਾਦੇ ਨਾਲ ਕਿਸਾਨ ਜੱਥੇਬੰਦੀਆਂ ਦਾ ਵਿਰੋਧ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਸੀ।
ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਲਾ ਬੁੱਧਵਾਰ ਨੂੰ ਫਿਰੋਜ਼ਪੁਰ ਵਿੱਚ ਇੱਕ ਫਲਾਈਓਵਰ ਤੇ ਪ੍ਰਦਰਸ਼ਨ ਕਾਰਨ ਫਸ ਗਿਆ ਸੀ ਜਿਸ ਤੋਂ ਬਾਅਦ ਉਹ ਰੈਲੀ ਸਮੇਤ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋ ਬਗੈਰ ਹੀ ਪੰਜਾਬ ਤੋਂ ਵਾਪਸ ਚਲੇ ਗਏ। ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਜਾਨ ਨੂੰ ਖ਼ਤਰੇ ਵਾਲੇ ਬਿਆਨ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ।
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਠੋਸ ਸੂਚਨਾ ਨਹੀਂ ਸੀ ਕਿ ਪ੍ਰਧਾਨ ਮੰਤਰੀ ਦਾ ਕਾਫ਼ਲਾ ਉਥੋਂ ਲੰਘਣ ਵਾਲਾ ਹੈ। ਕਿਸਾਨ ਜੱਥੇਬੰਦੀਆਂ ਨੇ ਦੋਸ਼ ਲਾਇਆ ਹੈ ਕਿ ਰੈਲੀ ਦੀ ਅਸਫ਼ਲਤਾ ਨੂੰ ਲੁਕਾਉਣ ਲਈ ਪ੍ਰਧਾਨ ਮੰਤਰੀ ਨੇ ਪੰਜਾਬ ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ।
