ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ,ਹੋਵੇਗੀ ਸਖ਼ਤ ਕਾਰਵਾਈ: CM ਮਾਨ

 ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ,ਹੋਵੇਗੀ ਸਖ਼ਤ ਕਾਰਵਾਈ: CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ, ਸੂਬੇ ਦੀਆਂ ਜਾਂਚ ਏਜੰਸੀਆਂ ਕਿਸੇ ਵੀ ਪੜਤਾਲ ਲਈ ਪੂਰਨ ਤੌਰ ਤੇ ਸਮਰੱਥ ਹਨ ਅਤੇ ਕਿਸੇ ਵੀ ਕੇਂਦਰੀ ਏਜੰਸੀ ਨੂੰ ਜਾਂਚ ਸੌਂਪਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪੰਜਾਬ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਵਾਲਮੀਕ ਭਾਈਚਾਰੇ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਸਮੁੱਚੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਘਪਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਉਹਨਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਏਜੰਸੀਆਂ ਆਪਣੇ ਪੱਧਰ ਤੇ ਸਮਰੱਥ ਹਨ, ਇਸ ਲਈ ਜਾਂਚ ਸੀਬੀਆਈ ਜਾਂ ਕਿਸੇ ਹੋਰ ਕੇਂਦਰੀ ਏਜੰਸੀ ਦੇ ਹੱਥ ਵਿੱਚ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਪ੍ਰਬੰਧਾਂ ਸਬੰਧੀ ਵਿਵਾਦ ਦਾ ਮਸਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਸੁਲਝਾਇਆ ਜਾਵੇਗਾ।

ਲਾਅ ਅਫ਼ਸਰਾਂ ਦੀ ਨਿਯੁਕਤੀ ਦੇ ਮਾਮਲੇ ਤੇ ਮਾਨ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਇਹਨਾਂ ਅਸਾਮੀਆਂ ਤੇ ਕਿਸੇ ਵੀ ਹੋਰ ਸੂਬੇ ਵਿੱਚ ਰਾਖਵਾਂਕਰਨ ਨਹੀਂ ਹੈ। ਉਹਨਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਬਾਰੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਅਤੇ ਛੇਤੀ ਹੀ ਭਾਈਚਾਰੇ ਨੂੰ ਚੰਗੀ ਖ਼ਬਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਨੇ ਲੁਧਿਆਣਾ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਬੇ ਚੋਂ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਭਵਿੱਖ ਵਿੱਚ ਸਾਰੀਆਂ ਭਰਤੀਆਂ ਰੈਗੂਲਰ ਆਧਾਰ ’ਤੇ ਕਰਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਸੂਖਵਾਨ ਲੋਕਾਂ ਤੋਂ ਵਾਪਸ ਕਰਵਾਈ ਜਾ ਰਹੀ ਪੰਚਾਇਤੀ ਜ਼ਮੀਨ ‘ਚੋਂ 33 ਫ਼ੀਸਦੀ ਜ਼ਮੀਨ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਮੁਕਾਬਲੇ ਦੀ ਸਿਖਲਾਈ ਦੇਣ ਲਈ ਮੋਹਾਲੀ ਵਿਖੇ ਅਤਿ-ਆਧੁਨਿਕ ਅੰਬੇਡਕਰ ਭਵਨ ਦਾ ਨਿਰਮਾਣ ਕੀਤਾ ਜਾਵੇਗਾ।

Leave a Reply

Your email address will not be published.