ਪੰਜਾਬ ‘ਚ ਗਣਤੰਤਰ ਦਿਹਾੜੇ ਨੂੰ ਲੈ ਕੇ DGP ਨੇ ਪੁਲਿਸ ਫੋਰਸ ਨੂੰ ਦਿੱਤੇ ਖ਼ਾਸ ਹੁਕਮ, ਪੂਰੀ ਤਰ੍ਹਾਂ ਕੀਤੀ ਜਾਵੇਗੀ ਨਾਕਾਬੰਦੀ

 ਪੰਜਾਬ ‘ਚ ਗਣਤੰਤਰ ਦਿਹਾੜੇ ਨੂੰ ਲੈ ਕੇ DGP ਨੇ ਪੁਲਿਸ ਫੋਰਸ ਨੂੰ ਦਿੱਤੇ ਖ਼ਾਸ ਹੁਕਮ, ਪੂਰੀ ਤਰ੍ਹਾਂ ਕੀਤੀ ਜਾਵੇਗੀ ਨਾਕਾਬੰਦੀ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਦੀ ਸਮੁੱਚੀ ਫੋਰਸ ਨੂੰ 26 ਜਨਵਰੀ ਨੂੰ ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ। ਠੰਡ ਦੇ ਮੱਦੇਨਜ਼ਰ ਸੂਬੇ ਵਿੱਚ ਡੀਜੀਪੀ ਨੇ ਖ਼ਾਸ ਤੌਰ ਤੇ ਸਰਹੱਦੀ ਖੇਤਰਾਂ ਵਿੱਚ ਵੀ ਚੌਕਸੀ ਵਧਾਉਣ ਲਈ ਕਿਹਾ ਹੈ। ਪਿਛਲੇ ਕੁਝ ਸਮੇਂ ਦੌਰਾਨ ਧੁੰਦ ਦੇ ਮੌਸਮ ਵਿੱਚ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।

Image

ਅਗਲੇ ਕੁਝ ਦਿਨਾਂ ਤੱਕ ਧੁੰਦ ਵਾਲਾ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਲਈ ਡੀਜੀਪੀ ਨੇ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਬੀਐਸਐਫ ਨਾਲ ਤਾਲਮੇਲ ਸੁਧਾਰਨ ਲਈ ਕਿਹਾ ਹੈ। ਉਹਨਾਂ ਨੇ ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਪੁਲਿਸ ਨੂੰ ਪੂਰੇ ਸੂਬੇ ਵਿੱਚ ਨਾਕਾਬੰਦੀ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ।

ਪਿਛਲੇ ਦਿਨੀਂ ਫਗਵਾੜਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਡੀਜੀਪੀ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼, ਪੁਲਿਸ ਕਮਿਸ਼ਨਰਾਂ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਕਿਹਾ। ਦੱਸ ਦਈਏ ਕਿ ਗਣਤੰਤਰ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਅਤੇ ਸੂਬੇ ਦੇ ਸਾਰੇ ਮੰਤਰੀਆਂ ਨੇ ਰਾਸ਼ਟਰੀ ਝੰਡਾ ਲਹਿਰਾਉਣਾ ਹੈ।

ਇਸ ਲਈ ਡੀਜੀਪੀ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਡੀਜੀਪੀ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣ ਅਤੇ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਸ਼ੱਕੀ ਇਲਾਕਿਆਂ ਵਿੱਚ ਆਪਣੀ ਨਿਗਰਾਨੀ ਹੇਠ ਤਲਾਸ਼ੀ ਮੁਹਿੰਮ ਚਲਾਉਣ ਲਈ ਕਿਹਾ। ਗਣਤੰਤਰ ਦਿਹਾੜੇ ਤੋਂ ਪਹਿਲਾਂ ਪੁਲਿਸ ਅਧਿਕਾਰੀਆਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਤੇ ਹੋਰ ਖੇਤਰਾਂ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਸਕਦੀ ਹੈ।

Leave a Reply

Your email address will not be published. Required fields are marked *