ਪੰਜਾਬ ’ਚ ਫਿਰ ਤੋਂ ‘ਵੀਕੈਂਡ ਲਾਕਡਾਊਨ’ ਲਾਉਣ ਦੀ ਤਿਆਰੀ?

ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਇਹ ਕੋਰੋਨਾ ਦੀ ਦੂਜੀ ਲਹਿਰ ਮੰਨੀ ਜਾ ਰਹੀ ਹੈ। ਪਿਛਲੇ ਸਾਲ ਇਹਨਾਂ ਦਿਨਾਂ ਵਿੱਚ ਵੀ ਲਾਕਡਾਊਨ ਲਗਾ ਦਿੱਤਾ ਗਿਆ ਸੀ ਪਰ ਹੁਣ ਲਗਦਾ ਹੈ ਕਿ ਇਸ ਵਾਰ ਵੀ ਅਜਿਹੇ ਹਾਲਾਤ ਬਣ ਸਕਦੇ ਹਨ।

ਇਸ ਨੂੰ ਧਿਆਨ ਵਿੱਚ ਰੱਖ ਕੇ ਸਰਕਾਰ ਵੱਲੋਂ ਫਿਰ ਵੀਕੈਂਡ ਲਾਕਡਾਊਨ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਗੱਲ ਦਾ ਇਸ਼ਾਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਦਿੱਤਾ ਹੈ। ਮੁੱਖ ਮੰਤਰੀ ਨੇ ਲਾਈਵ ਦੌਰਾਨ ਕਿਹਾ ਕਿ ਸ਼ਨੀਵਾਰ ਨੂੰ ਲੋਕ ਇਕ ਦੂਜੇ ਦੇ ਸੰਪਰਕ ਵਿੱਚ ਜ਼ਿਆਦਾ ਆਉਂਦੇ ਹਨ।
ਉਹਨਾਂ ਕਿਹਾ ਕਿ ਜੇ ਲੋਕ ਇਕ-ਦੂਜੇ ਦੇ ਸੰਪਰਕ ਵਿੱਚ ਘੱਟ ਆਉਣ ਤਾਂ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਦੀ ਵੀ ਅਪੀਲ ਕੀਤੀ। ਉਹਨਾਂ ਲਾਈਵ ਦੌਰਾਨ ਕਿਹਾ ਕਿ ਸੂਬੇ ਦੇ ਲੋਕਾਂ ਤੇ ਸਖ਼ਤ ਕਦਮ ਚੁੱਕਣਾ ਉਹਨਾਂ ਨੂੰ ਪਸੰਦ ਨਹੀਂ ਹੈ ਪਰ ਲੋਕਾਂ ਦੀ ਜਾਨ ਬਚਾਉਣਾ ਵੀ ਉਹਨਾਂ ਦਾ ਫਰਜ਼ ਹੈ।
ਉਹਨਾਂ ਕਿਹਾ ਕਿ ਜੇ ਉਹਨਾਂ ਨੂੰ ਲੋਕਾਂ ਦੀ ਸੁਰੱਖਿਆ ਲਈ ਸਖ਼ਤੀ ਵਰਤਣੀ ਪਈ ਤਾਂ ਉਹ ਗੁਰੇਜ਼ ਨਹੀਂ ਕਰਨਗੇ। ਦਸ ਦਈਏ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ ਜਿਸ ਦੇ ਚਲਦੇ ਲੋਕਾਂ ਨੂੰ ਅਪਣੇ ਕੰਮਾਂ-ਕਾਰਾਂ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਅੱਜ ਕੋਰੋਨਾ ਵਾਇਰਸ ਦੇ 3187 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 60 ਮਰੀਜ਼ਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ।
