News

ਪੰਜਾਬ ‘ਚ 15 ਮਈ ਤਕ ਛੁੱਟੀ ‘ਤੇ ਰਹਿਣਗੇ ਪਟਵਾਰੀ, ਠੱਪ ਰਹੇਗਾ ਕੰਮ

ਪੰਜਾਬ ਦੇ ਸਾਰੇ ਪਟਵਾਰੀਆਂ ਨੇ ਵੱਡਾ ਫ਼ੈਸਲਾ ਲੈਂਦਿਆਂ ਸਰਕਾਰ ਨੂੰ ਚੁਣੌਤੀ ਦੇ ਦਿੱਤੀ ਹੈ। ਪਟਵਾਰੀ ਅੱਜ ਤੋਂ 15 ਮਈ ਤੱਕ ਜਨਤਕ ਛੁੱਟੀ ਤੇ ਚਲੇ ਗਏ ਹਨ। ਅਜਿਹੇ ਵਿੱਚ ਪਟਵਾਰੀ ਸਰਕਲਾਂ ਵਿੱਚ ਕੋਈ ਕੰਮ ਨਹੀਂ ਹੋਵੇਗਾ। ਪਟਵਾਰੀਆਂ ਦਾ ਕਹਿਣਾ ਹੈ ਕਿ ਜੇ ਸਰਕਾਰ ਨੇ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜ਼ਬੂਰ ਹੋਣਗੇ।

ਉਹਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰੀ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਨੂੰ ਝੂਠੇ ਕੇਸ ਬਣਾ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਲੇਰਕੋਟਲਾ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਦੇ ਆਧਾਰ ਤੇ ਯੂਨੀਅਨ ਨੇ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।

ਰੈਵੀਨਿਊ-ਕਾਨੂੰਗੋ ਐਸੋਸੀਏਸ਼ਨ ਪੰਜਾਬ ਤੇ ਮਾਲ ਪਟਵਾਰੀ ਯੂਨੀਅਨ ਦੀ ਮੀਟਿੰਗ ਦੋਵੇਂ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਸੋਸ਼ਲ ਮੀਡੀਆ ਤੇ ਚੱਲ ਰਹੀ ਵੀਡੀਓ ਦੇ ਆਧਾਰ ਤੇ ਕਿਸੇ ਨੂੰ ਵੀ ਕਿਵੇਂ ਗ੍ਰਿਫ਼ਤਾਰ ਕਰ ਸਕਦੀ ਹੈ।

ਉਹਨਾਂ ਕਿਹਾ ਕਿ ਜਿਸ ਦੇ ਆਧਾਰ ਤੇ ਮਲੇਰਕੋਟਲਾ ਦੇ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਦਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਵਿਜੀਲੈਂਸ ਨੇ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਹੀ ਪਟਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉੱਥੇ ਹੀ ਯੂਨੀਅਨ ਦਾ ਦਾਅਵਾ ਹੈ ਕਿ ਦੀਦਾਰ ਸਿੰਘ ਛੋਕਰਾ ਉਹਨਾਂ ਦੀ ਜੱਥੇਬੰਦੀ ਦਾ ਜ਼ਿਲ੍ਹਾ ਪ੍ਰਧਾਨ ਹੈ ਤੇ ਵੀਡੀਓ ਵਿੱਚ ਦਿਖਾਏ ਭ੍ਰਿਸ਼ਟਾਚਾਰ ਨਾਲ ਉਸ ਦਾ ਕੋਈ ਲੈਣ-ਦੇਣ ਨਹੀਂ ਹੈ।

Click to comment

Leave a Reply

Your email address will not be published.

Most Popular

To Top