ਪੰਜਾਬ ਤੋਂ ਬਾਅਦ ਚੰਡੀਗੜ੍ਹ ਵਿੱਚ ਵੀ ਹੋ ਸਕਦਾ ਲਾਕਡਾਊਨ ਦਾ ਐਲਾਨ

ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਲਾਕਡਾਊਨ ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ। ਇਸ ਦੇ ਨਾਲ ਹੀ ਹਰਿਆਣਾ ਵਿੱਚ ਵੀ 7 ਦਿਨਾਂ ਲਈ ਪੂਰਨ ਲਾਕਡਾਊਨ ਲਾ ਦਿੱਤਾ ਗਿਆ ਹੈ।
ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਪ੍ਰਸ਼ਾਸਨ ਵੀ ਸਖ਼ਤੀ ਦੀ ਤਿਆਰੀ ਵਿੱਚ ਹੈ। ਇਸ ਸਬੰਧੀ ਯੂਟੀ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਸੋਮਵਾਰ ਨੂੰ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਫ਼ੈਸਲਾ ਲੈਣਗੇ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਸਰਕਾਰ ਵੱਲੋਂ ਮੁਹਾਲੀ ਤੇ ਪੰਚਕੂਲਾ ਵਿੱਚ ਵੀਕੈਂਡ ਕਰਫਿਊ ਲਾਏ ਜਾਣ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀ ਵੀਕੈਂਡ ਲਾਕਡਾਊਨ ਲਾਉਣ ਦਾ ਫ਼ੈਸਲਾ ਕੀਤਾ ਸੀ।
ਲਾਕਡਾਊਨ ਨੂੰ ਲੈ ਕੇ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਹਰਿਆਣਾ ਤੋਂ ਤਾਲਾਬੰਦੀ ਅਤੇ ਪੰਜਾਬ ਤੋਂ ਸਖ਼ਤ ਪਾਬੰਦੀ ਤੋਂ ਬਾਅਦ ਚੰਡੀਗੜ੍ਹ ਵਿੱਚ ਨਵੀਆਂ ਪਾਬੰਦੀਆਂ ਬਾਰੇ ਵੀ ਵਿਚਾਰ ਕਰ ਰਿਹਾ ਹੈ ਤੇ ਸੋਮਵਾਰ ਨੂੰ ਹੋਣ ਵਾਲੀ ਵਾਰ-ਰੂਮ ਦੀ ਬੈਠਕ ਵਿੱਚ ਫ਼ੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ ਕੋਰੋਨਾ ਨੂੰ ਕੰਟਰੋਲ ਕਰਨਾ ਲਾਜ਼ਮੀ ਹੈ ਪਰ ਇਸ ਤੇ ਸਾਰਿਆਂ ਦੀ ਸਹਿਮਤੀ ਨਾ ਮਿਲਣ ਕਾਰਨ ਉਹ ਹੁਣ ਤੱਕ ਲੰਬਾ ਲਾਕਡਾਊਨ ਨਹੀਂ ਲਾ ਸਕੇ।
