ਪੰਜਾਬ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ 10ਵੀਂ ਦੀ ਪ੍ਰੀਖਿਆ ਕੀਤੀ ਰੱਦ

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ 10ਵੀਂ ਦੀ ਪ੍ਰੀਖਿਆ ਰੱਦ ਕਰਨ ਅਤੇ 12ਵੀਂ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਕੋਰੋਨਾ ਵਾਇਰਸ ਦੇ ਚਲਦਿਆਂ ਇਹ ਕਦਮ ਚੁੱਕਿਆ ਗਿਆ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਵੀ ਕੋਵਿਡ-19 ਦੇ ਪੀੜਤਾਂ ਦੀ ਗਿਣਤੀ ਵਧਣ ਕਾਰਨ 10ਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਅਤੇ 12ਵੀਂ ਜਮਾਤ ਦੀਆਂ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਦੱਸਿਆ ਕਿ ‘ਸੀ. ਬੀ. ਐੱਸ. ਈ.’ ਦੇ ਫ਼ੈਸਲੇ ਮਗਰੋਂ ਅਸੀਂ ਵੀ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ 10ਵੀਂ ਜਮਾਤ ਦੀ ਪ੍ਰੀਖਿਆ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਨੂੰ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਆਯੋਜਿਤ ਕੀਤਾ ਜਾਣਾ ਸੀ।
ਉਨ੍ਹਾਂ ਨੇ ਕਿਹਾ ਕਿ ਅਸੀਂ 12ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਵੀ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਕੰਵਰ ਪਾਲ ਨੇ ਦੱਸਿਆ ਕਿ 10ਵੀਂ ਜਮਾਤ ਦੇ ਨਤੀਜੇ ਵਿਦਿਆਰਥੀਆਂ ਦੇ ਅੰਦਰੂਨੀ ਮੁਲਾਂਕਣ ਦੇ ਆਧਾਰ ’ਤੇ ਐਲਾਨ ਕੀਤਾ ਜਾਵੇਗਾ। ਪੰਜਾਬ ਅਤੇ ਹੋਰਨਾਂ ਸੂਬਿਆਂ ਵਾਂਗ ਹਰਿਆਣਾ ਵਿੱਚ ਵੀ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਇਸ ਲਈ ਸਰਕਾਰ ਨੇ ਇਹ ਫ਼ੈਸਲਾ ਮਜ਼ਬੂਰੀ ਵਿੱਚ ਲਿਆ ਹੈ।
