ਪੰਜਾਬ ਦੇ ਸੰਸਦ ਮੈਂਬਰਾਂ ਨੇ ਸੰਸਦ ਦਾ ਇਜਲਾਸ ਸੱਦਣ ਦੀ ਕੀਤੀ ਮੰਗ

ਦਿੱਲੀ ਦੀਆਂ ਸਰਹੱਦਾਂ ਤੇ ਪੰਜਾਬ ਤੇ ਹੋਰਨਾਂ ਸੂਬਿਆਂ ਦੇ ਕਿਸਾਨ ਧਰਨੇ ਦੇ ਰਹੇ ਹਨ। ਉੱਥੇ ਹੀ ਦਿੱਲੀ ਦੇ ਜੰਤਰ-ਮੰਤਰ ਤੇ ਸੋਮਵਾਰ ਨੂੰ ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾੜੀ, ਰਵਨੀਤ ਬਿੱਟੂ, ਮਹਾਰਾਣੀ ਪਰਨੀਤ ਕੌਰ ਤੇ ਬਾਕੀ ਸੰਸਦ ਮੈਂਬਰ ਵੀ ਮੌਜੂਦ ਸਨ।

ਪ੍ਰਦਰਸ਼ਨ ਕਰਦਿਆਂ ਸੰਸਦ ਮੈਂਬਰਾਂ ਨੇ ਸੰਸਦ ਦਾ ਸਰਦ ਰੁੱਤ ਇਜਲਾਸ ਬੁਲਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਸੰਸਦ ਦਾ ਸਰਦ ਰੁੱਤ ਇਜਲਾਸ ਸਦਿਆ ਜਾਣਾ ਚਾਹੀਦਾ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ ਇਜਲਾਸ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਮੁੜ ਵਿਚਾਰ ਕੀਤੀ ਜਾਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਸਰਕਾਰ ਇਸ ਇਜਲਾਸ ਨੂੰ ਟਾਲ ਰਹੀ ਹੈ ਜੋ ਕਿ ਲੋਕਤੰਤਰ ਦੇ ਵਿਰੁਧ ਹੈ। ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਦਿੱਲੀ ਵਿੱਚ ਡਟੇ ਹੋਏ ਹਨ ਅਤੇ ਉਹਨਾਂ ਦਾ ਕਹਿਣਾ ਹੈ ਕਿ ਜਦੋਂ ਤਕ ਇਹ ਕਾਨੂੰਨ ਰੱਦ ਨਹੀਂ ਹੋ ਜਾਂਦੇ, ਉਦੋਂ ਤਕ ਉਹ ਵਾਪਸ ਨਹੀਂ ਜਾਣਗੇ ਅਤੇ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ ਇੰਝ ਹੀ ਜਾਰੀ ਰਹੇਗਾ।
ਕਿਸਾਨ ਆਗੂ ਜਗਮੋਹਨ ਨੇ ਕਿਹਾ ਕਿ ਕਿਸਾਨ ਨੇਤਾਵਾਂ ਵਿੱਚ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ ਕਿ ਉਹ ਮੰਗਾਂ ਤੇ ਸਮਝੌਤਾ ਨਹੀਂ ਕਰਨਗੇ। ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ ਨੇ ਕਿਹਾ ਕਿ ਇਹ ਅੰਦੋਲਨ ਸਿਰਫ ਪੰਜਾਬ ਦਾ ਹੀ ਨਹੀਂ ਹੈ। ਸਾਰੇ ਦੇਸ਼ ਦੇ ਕਿਸਾਨ ਇਸ ਵਿੱਚ ਸ਼ਾਮਲ ਹਨ।
ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਤੇ ਮੰਤਰੀਆਂ ਵਿੱਚ ਹਲਚਲ ਹੈ। ਬਲਦੇਵ ਸਿੰਘ ਨਿਹਾਲਗੜ ਨੇ ਦਸਿਆ ਕਿ ਭਾਰਤ 8 ਦਸੰਬਰ ਨੂੰ ਸਵੇਰ ਤੋਂ ਸ਼ਾਮ ਤਕ ਬੰਦ ਰਹੇਗਾ। ਚੱਕਾ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਸੜਕ ਐਂਬੂਲੈਂਸਾਂ ਅਤੇ ਵਿਆਹ ਲਈ ਖੁੱਲ੍ਹੀ ਰਹੇਗੀ ਤੇ ਸ਼ਾਮਤਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਉਹਨਾਂ ਖਿਡਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ ਜਿਹਨਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਤਗਮਾ ਵਾਪਸ ਦੇਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਅੰਦੋਲਨ ਨੂੰ ਵਿਰੋਧੀ ਧਿਰ ਵਲੋਂ ਵੀ ਸਮਰਥਨ ਮਿਲਿਆ ਹੈ।
