ਪੰਜਾਬ ਦੇ 81 ਫ਼ੀਸਦੀ ਨਮੂਨਿਆਂ ’ਚ ਯੂਕੇ ਦਾ ਵਾਇਰਸ, ਕੈਪਟਨ ਦੀ ਚੇਤਾਵਨੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕੋਰੋਨਾ ਵਾਇਰਸ ਖਿਲਾਫ਼ ਕੋਰੋਨਾ ਵੈਕਸੀਨ ਨੂੰ ਵੱਡੇ ਪੱਧਰ ’ਤੇ ਬਣਾਉਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਘਟ ਉਮਰ ਵਾਲੇ ਲੋਕਾਂ ਨੂੰ ਵੀ ਸ਼ਾਮਲ ਕਰਨ ਨੂੰ ਕਿਹਾ ਹੈ। ਪੰਜਾਬ ਸੀਐਮ ਨੇ ਕਿਹਾ ਕਿ ਖੋਜਕਾਰਾਂ ਨੇ ਜਾਂਚ ਕੀਤੀ ਹੈ ਕਿ ਮੌਜੂਦਾ ਕੇਵੀਸ਼ੀਲਡ ਵੈਕਸੀਨ ਬ੍ਰਿਟੇਨ ਵਿੱਚ ਪਾਏ ਗਏ ਵੈਰੀਅੰਟ ਬੀ 1.1.7 ਖਿਲਾਫ਼ ਵੀ ਅਸਰਦਾਰ ਹੈ ਅਜਿਹੇ ਵਿੱਚ ਇਸ ਦੀ ਰਫ਼ਤਾਰ ਤੇਜ਼ ਕਰਨੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਵੀ ਕੋਵਿਡ ਤੋਂ ਸੁਰੱਖਿਆ ਸਬੰਧੀ ਸਾਰੇ ਨਿਯਮਾਂ ਜਿਵੇਂ ਕਿ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਆਦਿ ਦਾ ਪਾਲਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੂਬਾ ਸਰਕਾਰ, ਜਿਸ ਨੇ ਤਾਜ਼ਾ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ, ਹੋਰ ਪਾਬੰਦੀਆਂ ਲਾਉਣ ਲਈ ਮਜਬੂਰ ਹੋਵੇਗੀ ਜੇ ਲੋਕਾਂ ਨੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਨਾ ਕੀਤਾ।
ਮੁੱਖ ਮੰਤਰੀ ਵੱਲੋਂ ਇਹ ਅਪੀਲ ਸੂਬੇ ਦੀ ਕੋਵਿਡ ਮਾਹਿਰਾਂ ਦੀ ਕਮੇਟੀ ਦੇ ਮੁਖੀ ਡਾ. ਕੇ.ਕੇ. ਤਲਵਾੜ ਵੱਲੋਂ ਉਨ੍ਹਾਂ ਨੂੰ ਇਸ ਵਾਇਰਸ ਦੇ ਨਵੇਂ ਸਰੂਪ ਸਬੰਧੀ ਜਾਣਕਾਰੀ ਦਿੱਤੇ ਜਾਣ ਮਗਰੋਂ ਕੀਤੀ ਗਈ ਹੈ। ਸੂਬੇ ਵਿਚ ਬੀਤੇ ਕੁਝ ਹਫ਼ਤਿਆਂ ਦੌਰਾਨ ਕੋਵਿਡ-19 ਦੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਿਚ ਵੱਡੇ ਪੱਧਰ ’ਤੇ ਵਾਧਾ ਹੋਇਆ ਹੈ। ਸੂਬੇ ਦੇ ਸਿਹਤ ਵਿਭਾਗ ਵੱਲੋਂ ਇਸ ਵਾਇਰਸ ਦੇ ਸਰੂਪ ਦੇ ਪੱਧਰ ਦਾ ਪਤਾ ਕਰਨ ਲਈ 478 ਕੋਵਿਡ-19 ਪਾਜ਼ੇਟਿਵ ਨਮੂਨੇ ਐੱਨ.ਆਈ.ਬੀ., ਆਈ.ਜੀ.ਆਈ.ਬੀ. ਅਤੇ ਐੱਨ. ਸੀ. ਡੀ. ਸੀ. ਨੂੰ ਭੇਜੇ ਗਏ ਸਨ।
ਇਨ੍ਹਾਂ ਵਿਚੋਂ 90 ਨਮੂਨਿਆਂ ਦੇ ਨਤੀਜੇ ਆ ਗਏ ਹਨ ਜਿਨ੍ਹਾਂ ਵਿਚੋਂ ਸਿਰਫ਼ ਦੋ ਨਮੂਨਿਆਂ ਵਿਚ ਹੀ ਐਨ 440 ਕੇ ਕਿਸਮ ਪਾਈ ਗਈ ਹੈ। ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਇਕ ਟੀਮ ਨੇ ਪਾਜ਼ੀਟਿਵ ਦਰ ਵਿੱਚ ਵਾਧੇ ਦੀ ਸਮੀਖਿਆ ਕਰਨ ਲਈ ਸੂਬੇ ਦਾ ਦੌਰਾ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਮਾਸਕ ਲਾਉਣ, ਸੋਸ਼ਲ ਡਿਸਟੈਂਸਿੰਗ ਦਾ ਪਾਲਣ ਅਤੇ ਹੋਰ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ।
ਉਹਨਾਂ ਨੇ ਚੇਤਾਵਨੀ ਦਿੱਤੀ ਕਿ ਜੇ ਲੋਕ ਨਿਯਮਾਂ ਦਾ ਪਾਲਣ ਸਹੀ ਤਰੀਕੇ ਨਾਲ ਨਹੀਂ ਕਰਦੇ ਤਾਂ ਪਾਬੰਦੀਆਂ ਵਿੱਚ ਹੋਰ ਸਖਤਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਤਲਵਾੜ ਨੇ ਜਾਣਕਾਰੀ ਦਿੱਤੀ ਹੈ ਕਿ ਯੂ.ਕੇ. ਦੀ ਇਹ ਕਿਸਮ ਬੀ.1.1.7 ਜ਼ਿਆਦਾ ਸੰਕਰਮਿਤ ਹੈ ਪਰ ਜ਼ਿਆਦਾ ਜ਼ਹਿਰੀਲੀ ਨਹੀਂ ਹੈ।
ਆਕਸਫੋਰਡ (ਕੋਵੀਸ਼ੀਲਡ) ਦੀ ਦਵਾਈ ਯੂ.ਕੇ. ਦੀ ਇਸ ਨਵੀਂ ਕਿਸਮ ਲਈ ਪੂਰੀ ਤਰ੍ਹਾਂ ਕਾਰਗਰ ਹੈ। ਧਿਆਨ ਦੇਣ ਯੋਗ ਹੈ ਕਿ ਬੀ.1.1.7 ਕਿਸਮ ਹੁਣ ਦੁਨੀਆ ਦੇ ਕਈ ਹਿੱਸਿਆਂ ਵਿਚ ਫੈਲ ਗਈ ਹੈ ਅਤੇ ਯੂ.ਕੇ. ਵਿਚ ਇਸ ਦੇ 98 ਫ਼ੀਸਦੀ ਅਤੇ ਸਪੇਨ ਵਿਚ 90 ਫ਼ੀਸਦੀ ਨਵੇਂ ਮਾਮਲੇ ਹਨ। ਯੂ.ਕੇ. ਦੀ ਸਰਕਾਰ ਨੇ ਕਿਹਾ ਹੈ ਕਿ ਮੂਲ ਵਾਇਰਸ ਤੋਂ ਇਹ ਨਵੀਂ ਕਿਸਮ 70 ਫੀਸਦੀ ਤੱਕ ਵੱਧ ਫੈਲਣ ਯੋਗ ਹੈ।
