ਪੰਜਾਬ ਦੇ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਆ ਰਿਹੈ ‘ਜ਼ੀਰੋ’: ਬਿਜਲੀ ਮੰਤਰੀ ਹਰਭਜਨ ਸਿੰਘ ETO

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਬਿਜਲੀ ਬਿੱਲਾਂ ਨੂੰ ਲੈ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਘਰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ। ਪਿਛਲੀਆਂ ਸਰਕਾਰਾਂ ਵੋਟਾਂ ਬਟੋਰਨ ਲਈ ਝੂਠੇ ਵਾਅਦੇ ਕਰਕੇ ਲੋਕਾਂ ਨਾਲ ਧੋਖਾ ਕਰਦੀਆਂ ਰਹੀਆਂ ਹਨ। ਪਰ ਆਪ ਸਰਕਾਰ ਨੇ ਪਹਿਲੇ ਸਾਲ ਵਿੱਚ ਹੀ ਬਿਜਲੀ ਦਾ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕੀਤਾ ਹੈ।
ਸਾਰੇ ਘਰੇਲੂ ਖ਼ਪਤਕਾਰਾਂ ਨੂੰ 5629 ਕਰੋੜ ਰੁਪਏ ਦੀ ਸਾਲਾਨਾ ਸਬਸਿਡੀ ਦਿੰਦੇ ਹੋਏ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਘਰੇਲੂ ਖ਼ਪਤਕਾਰਾਂ ਲਈ 7 ਕਿਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਜਾਰੀ ਰੱਖੀ ਗਈ ਹੈ, ਜਿਸ ਨਾਲ 1278 ਕਰੋੜ ਰੁਪਏ ਦਾ ਲਾਭ ਹੋਵੇਗਾ। ਬਿਜਲੀ ਮੰਤਰੀ ਨੇ ਅੱਗੇ ਦੱਸਦਿਆਂ ਕਿਹਾ ਕਿ ਇਸ ਪਹਿਲਕਦਮੀ ਨਾਲ ਲਗਭਗ 90 ਫ਼ੀਸਦੀ ਪਰਿਵਾਰਾਂ ਦਾ ਬਿਜਲੀ ਦਾ ਬਿੱਲ ਹੁਣ ਜ਼ੀਰੋ ਆ ਰਿਹਾ ਹੈ।
ਇਸੇ ਮਹੀਨੇ ਇਹ ਅੰਕੜਾ ਹੋਰ ਵਧਣ ਦੀ ਆਸ ਹੈ। ਸਾਰੇ ਰਿਹਾਇਸ਼ੀ ਯੂਨਿਟਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਨਾਲ ਹੀ 31 ਦਸੰਬਰ 2021 ਤੱਕ ਦੇ ਸਾਰੇ ਬਕਾਇਆ ਬਿੱਲ ਵੀ ਮੁਆਫ਼ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਸਾਰੇ ਕੱਟੇ ਗਏ ਬਿਜਲੀ ਕੁਨੈਕਸ਼ਨ ਬਹਾਲ ਕਰ ਦਿੱਤੇ ਗਏ ਹਨ।
ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨਾ ਸਿਰਫ਼ ਖੇਤੀਬਾੜੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਜਾਰੀ ਰੱਖੀ ਸਗੋਂ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਬਿਨਾਂ ਕਿਸੇ ਕੱਟ ਤੋਂ 8 ਘੰਟੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਹੈ। ਕਿਸਾਨਾਂ ਨੂੰ ਹੋਰ ਲਾਭ ਦਿੰਦਿਆਂ ਸਰਕਾਰ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫ਼ੀਸ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚਪੀ ਕਰ ਦਿੱਤੀ ਹੈ ਜਿਸ ਨਾਲ ਕਿਸਾਨਾਂ ਨੂੰ 1,87,000 ਰੁਪਏ ਦਾ ਮੁਨਾਫ਼ਾ ਹੋਇਆ।