ਪੰਜਾਬ ਬੋਰਡ ਨੇ ਲਿਆ ਫ਼ੈਸਲਾ, 5ਵੀਂ ਅਤੇ 8ਵੀਂ ਦੀ ਬੋਰਡ ਪ੍ਰੀਖਿਆ ਹੋਈ ਰੱਦ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸਕੂਲ ਕਾਲਜਾਂ ਅਤੇ ਸਾਰੇ ਵਿਦਿਅਕ ਅਦਾਰੇ 31 ਮਾਰਚ ਤਕ ਬੰਦ ਕਰ ਦਿੱਤੇ ਜਾਣ। ਇਸ ਦੇ ਚਲਦੇ ਪੰਜਾਬ ਬੋਰਡ ਦੀ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਪੰਜਵੀਂ ਜਮਾਤ ਦਾ 22 ਮਾਰਚ ਨੂੰ ਗਣਿਤ ਅਤੇ 23 ਮਾਰਚ ਨੂੰ ਸਵਾਗਤ ਜ਼ਿੰਦਗੀ ਦੀ ਪ੍ਰੀਖਿਆ ਹੋਣ ਵਾਲੀ ਸੀ ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਠਵੀਂ ਬੋਰਡ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ। ਹੁਣ ਇਹਨਾਂ ਪ੍ਰੀਖਿਆਵਾਂ ਦੀਆਂ ਨਵੀਆਂ ਤਾਰੀਕਾਂ ਦੀ ਜਾਣਕਾਰੀ ਬੋਰਡ ਦੀ ਵੈਬਸਾਇਟ pseb.ac.in ’ਤੇ ਉਪਲੱਬਧ ਕਰਵਾ ਦਿੱਤੀ ਜਾਏਗੀ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਹਨ। ਉੱਥੇ ਹੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਕੰਪਾਰਟਮੈਂਟ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਕੋਰੋਨਾ ਵਾਇਰਸ ਦੇ ਚਲਦੇ ਇਕ ਮਹੀਨੇ ਲਈ ਮੁਲਤਵੀ ਕਰ ਦਿੱਤੀਆਂ ਹਨ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰਾਪਤ ਜਾਣਕਾਰੀ ਮੁਤਾਬਕ 22 ਮਾਰਚ ਤੋਂ ਸ਼ੁਰੂ ਹੋਣ ਵਾਲੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ 20 ਅਪ੍ਰੈਲ 2021 ਤੋਂ 24 ਮਈ 2021 ਤੱਕ ਕਰਵਾਈਆਂ ਜਾਣਗੀਆਂ। ਦਸਵੀਂ ਦੀ 9 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪ੍ਰੀਖਿਆ 4 ਮਈ 2021 ਤੋਂ 24 ਮਈ 2021 ਤੱਕ ਕਰਵਾਈ ਜਾਵੇਗੀ।
