‘ਪੰਜਾਬ ਵਰਸਿਟੀ’ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਦਾ ਮਾਮਲਾ, ਹਾਈ ਕੋਰਟ ਵੱਲੋਂ ਕੇਂਦਰ ਨੂੰ ਨਿਰਦੇਸ਼

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ਤੇ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ। ਜੱਜ ਰਾਜਬੀਰ ਸਹਿਰਾਵਤ ਦੇ ਡਿਵੀਜ਼ਨ ਬੈਂਚ ਨੇ ਡਾ. ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖਿਲਾਫ਼ ਦਾਇਰ ਪਟੀਸ਼ਨ ਤੇ ਸੁਣਵਾਈ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਸਿੱਖਿਆ ਮੰਤਰਾਲੇ ਰਾਹੀਂ ਕੇਂਦਰ ਨੂੰ ਇਹ ਨਿਰਦੇਸ਼ ਦਿੱਤੇ ਹਨ।

ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਬੰਧੀ ਫ਼ੈਸਲਾ ਲੈਣਾ ਚਾਹੀਦਾ ਹੈ, ਘੱਟੋ-ਘੱਟ ਸਿਧਾਂਤਕ ਤੌਰ ਤੇ ਇਹ ਸਹੀ ਹੈ। ਕੇਂਦਰ ਸਰਕਾਰ ਜੋ ਵੀ ਫ਼ੈਸਲਾ ਲਵੇ, ਉਸ ਨੂੰ ਅਗਲੀ ਸੁਣਵਾਈ ਦੀ ਤਰੀਕ 30 ਅਗਸਤ ਤੋਂ ਪਹਿਲਾਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਅਦਾਲਤ ਨੇ ਧਿਆਨ ਦਿਵਾਇਆ ਸੀ ਕਿ ਇਸ ਕੇਸ ਨੇ ਬਹੁਤ ਅਜੀਬ ਸਥਿਤੀ ਪੇਸ਼ ਕੀਤੀ ਹੈ।
ਹਾਈਕੋਰਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ 29 ਮਾਰਚ 2022 ਦੇ ਨੋਟੀਫਿਕੇਸ਼ਨ ਦਾ ਹਵਾਲਾ ਦਿੱਤਾ, ਜਿਸ ਨੇ ਕੇਂਦਰੀ ਸਿਵਲ ਸੇਵਾਵਾਂ ਨਿਯਮਾਂ ਨੂੰ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਅੰਦਰ ਕੰਮ ਕਰਨ ਵਾਲੇ ਉੱਚ ਸਿੱਖਿਆ ਸੰਸਥਾਵਾਂ ਦੇ ਅਧਿਆਪਕ ਵੀ ਸ਼ਾਮਲ ਹਨ ਤੇ ਲਾਗੂ ਕੀਤਾ ਸੀ। ਉਕਤ ਨੋਟੀਫਿਕੇਸ਼ਨ ਵਿੱਚ ਨਾ ਤਾਂ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਵਿੱਚ ਕੰਮ ਕਰ ਰਹੇ ਜਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਕੰਮ ਕਰਨ ਵਾਲੇ ਅਧਿਆਪਕ ਸ਼ਾਮਲ ਨਹੀਂ ਹਨ।
ਨਤੀਜਾ ਇਹ ਹੋਵੇਗਾ ਕਿ ਚੰਡੀਗੜ੍ਹ ਦੇ ਸਰਕਾਰੀ ਕਾਲਜਾਂ ਅਤੇ ਉੱਚ ਸਿੱਖਿਆ ਦੇ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਲੈਕਚਰਾਰ 65 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋ ਜਾਣਗੇ। ਜਦਕਿ ਪੰਜਾਬ ਯੂਨੀਵਰਸਿਟੀ ਦੇ ਅਧਿਆਪਨ ਵਿਭਾਗਾਂ ਵਿੱਚ ਕੰਮ ਕਰਦੇ ਪ੍ਰੋਫੈਸਰ, ਲੈਕਚਰਾਰ ਇਸ ਦੇ ਮਾਨਤਾ ਪ੍ਰਾਪਤ ਕਾਲਜ ਦੇ ਮੌਜੂਦਾ ਨਿਯਮਾਂ ਮੁਤਾਬਕ 60 ਸਾਲ ਦੀ ਉਮਰ ਵਿੱਚ ਸੇਵਾਮੁਕਤ ਹੋਣਗੇ।
