ਪੰਜਾਬ ਸਰਕਾਰ ਅਤੇ ਟਾਟਾ ਸਟੀਲ ਵਿਚਕਾਰ ਬਣੀ ਸਹਿਮਤੀ, ਲੁਧਿਆਣਾ ’ਚ ਲੱਗੇਗਾ ਟਾਟਾ ਸਟੀਲ ਪਲਾਂਟ

 ਪੰਜਾਬ ਸਰਕਾਰ ਅਤੇ ਟਾਟਾ ਸਟੀਲ ਵਿਚਕਾਰ ਬਣੀ ਸਹਿਮਤੀ, ਲੁਧਿਆਣਾ ’ਚ ਲੱਗੇਗਾ ਟਾਟਾ ਸਟੀਲ ਪਲਾਂਟ

ਪੰਜਾਬ ਸਰਕਾਰ ਅਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਾਉਣ ਦਾ ਕਰਾਰ ਹੋ ਗਿਆ ਹੈ। ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਪਲਾਂਟ ਲਾਇਆ ਜਾਵੇਗਾ। ਇਸ ਪਲਾਂਟ ਲਗਭਗ 2600 ਕਰੋੜ ਦਾ ਨਿਵੇਸ਼ ਕੀਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ, ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਾਉਣ ਦਾ ਕਰਾਰ ਹੋ ਚੁੱਕਿਆ ਹੈ।

2600 ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ। ਪੰਜਾਬ ਵਿੱਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਿਡ ਦੇ ਆਲਮੀ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ ਟੀਵੀ ਨਰੇਂਦਰ ਦੀ ਅਗਵਾਈ ਵਿੱਚ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ ਕਿ, ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਅਗਲੇਰਾ ਕਦਮ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਇਤਿਹਾਸ ਵਿੱਚ ਅੱਜ ਸੁਨਰਹਿਰੀ ਅੱਖਰਾਂ ਵਿੱਚ ਲਿਖਿਆ ਜਾਣ ਵਾਲਾ ਦਿਨ ਹੈ ਕਿਉਂ ਕਿ ਵਿਸ਼ਵ ਪੱਧਰ ਦੀ ਇਸ ਮੋਹਰੀ ਕੰਪਨੀ ਦਾ ਸੂਬੇ ਵਿੱਚ ਪਹਿਲਾ ਨਿਵੇਸ਼ ਹੈ। ਉਹਨਾਂ ਕਿਹਾ ਕਿ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਸੂਬੇ ਵਿੱਚ ਪਲਾਂਟ ਦੀ ਸਥਾਪਨਾ ਅਤੇ ਕਾਰਜਸ਼ੀਲ ਕਰਨ ਵਿੱਚ ਟਾਟਾ ਗਰੁੱਪ ਨੂੰ ਸੂਬਾ ਸਰਕਾਰ ਪੂਰਾ ਸਹਿਯੋਗ ਦੇਵੇਗੀ।

ਮਾਨ ਨੇ ਕਿਹਾ ਕਿ ਟਾਟਾ ਗਰੁੱਪ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਲਗਭਗ 2600 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਜਿਸ ਨਾਲ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਹਾਈ-ਟੈਕ ਵੈਲੀ ਇੰਡਸਟਰੀਅਲ ਪਾਰਕ ਦੇ ਨਾਲ ਸਟੀਲ ਪਲਾਂਟ ਸਥਾਪਤ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਟਾਟਾ ਗਰੁੱਪ ਵੱਲੋਂ ਪੰਜਾਬ ਵਿੱਚ ਇਹ ਪਹਿਲਾ ਨਿਵੇਸ਼ ਹੈ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਬਿਜਲੀ ਉਤੇ ਚੱਲਣ ਵਾਲੀਆਂ ਆਰਕ ਭੱਠੀਆਂ ਉਤੇ ਅਧਾਰਤ ਪਲਾਂਟ 0.75 ਐਮ.ਟੀ.ਪੀ.ਏ. ਫਿਨਿਸ਼ਡ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫੀਸਦੀ ਸਕਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।

ਟਾਟਾ ਸਟੀਲ ਦੇ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਨੇ ਪੰਜਾਬ ਸਰਕਾਰ ਦੇ ਨਿਰੰਤਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਨੇ ਆਪਣੇ ਇਛੁੱਕ ਗ੍ਰੀਨਫੀਲਡ ਪ੍ਰੋਜੈਕਟ ਦਾ ਸਹੀ ਟਿਕਾਣਾ ਲੱਭ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਬਾਜ਼ਾਰ ਅਤੇ ਸਕਰੈਪ ਪੈਦਾ ਕਰਨ ਵਾਲੇ ਆਟੋ ਹੱਬ ਨੇੜੇ ਹੋਣ ਕਾਰਨ ਪੰਜਾਬ ਇਲੈਕਟ੍ਰਿਕ ਆਰਕ ਫਰਨੇਸ ਲਈ ਢੁਕਵਾਂ ਸਥਾਨ ਹੈ।

ਉਨ੍ਹਾਂ ਕਿਹਾ ਕਿ ਰੀਸਾਈਕਲ ਰਾਹੀਂ ਪੈਦਾ ਹੋਣ ਵਾਲੇ ਸਟੀਲ ਵਿੱਚ ਘੱਟ ਕਾਰਬਨ ਨਿਕਾਸੀ, ਘੱਟ ਸਰੋਤਾਂ ਦੀ ਖਪਤ ਅਤੇ ਘੱਟ ਊਰਜਾ ਦੀ ਵਰਤੋਂ ਹੁੰਦੀ ਹੈ ਜੋ ਗਰੁੱਪ ਦੀ ਆਪਣੇ ਕਾਰਜਾਂ ਵਿਚ ਵਾਤਾਵਰਣ ਦੇ ਪ੍ਰਭਾਵ ਨੂੰ ਘਟਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

Leave a Reply

Your email address will not be published.