ਪੰਜਾਬ ਸਰਕਾਰ ਨੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ ਸੌਂਪੇ 2 ਕਰੋੜ ਰੁਪਏ ਦੇ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪਾਉਣ ਵਾਲੇ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ ਸ਼ਾਹਕੋਟ ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਕੱਪੜਾ ਵਪਾਰੀ ਮ੍ਰਿਤਕ ਭੁਪਿੰਦਰ ਸਿੰਘ ਉਰਫ਼ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ।
ਮਨਦੀਪ ਨੇ ਬਹਾਦਰੀ ਭਰੇ ਅਤੇ ਜੋਖ਼ਮ ਭਰਪੂਰ ਕਾਰਜ ਨੂੰ ਅੰਜਾਮ ਦਿੰਦੇ ਹੋਏ 7 ਦਸੰਬਰ,2022 ਨੂੰ ਨਕੋਦਰ ਵਿੱਚ ਹਮਲਾਵਰਾਂ ਨਾਲ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਸ਼ਹੀਦ ਸਿਪਾਹੀ ਦੀ ਇਸ ਮਹਾਨ ਕੁਰਬਾਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਦੇਣ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।
2 ਕਰੋੜ ਰੁਪਏ ਦੀ ਰਕਮ ਵਿੱਚ ਰਾਜ ਸਰਕਾਰ ਦੁਆਰਾ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦਿੱਤੇ ਗਏ ਹਨ ਅਤੇ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐੱਚਡੀਐੱਫ਼ਸੀ ਬੈਂਕ ਵੱਲੋਂ ਅਦਾ ਕੀਤਾ ਗਿਆ ਹੈ। ਏਡੀਜੀਪੀ ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਨਿਮਿੱਤ ਅੰਤਿਮ ਅਰਦਾਸ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ।
ਏਡੀਜੀਪੀ ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਸੂਬਾ ਸਰਕਾਰ ਦੀ ਤਰਫੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ, ਜਦਕਿ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੀਤੀ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਚਡੀਐਫਸੀ ਬੈਂਕ ਦੀ ਤਰਫੋਂ ਸ਼ਹੀਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਇੱਕ ਹੋਰ ਚੈੱਕ ਵੀ ਦਿੱਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ ਅਤੇ ਉਨਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।