ਪੰਜਾਬ ਸਰਕਾਰ ਨੇ 720 ਪ੍ਰਾਈਵੇਟ ਸਕੂਲ ਖਿਲਾਫ ਦਿੱਤੇ ਜਾਂਚ ਦੇ ਹੁਕਮ

ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਖਿਲਾਫ ਸ਼ਿਕੰਜਾ ਕੱਸ ਲਿਆ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਨੇ ਪੰਜਾਬ ਦੇ 720 ਪ੍ਰਾਈਵੇਟ ਸਕੂਲ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਨ੍ਹਾਂ ਸਕੂਲਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ ਮਿਲੀਆਂ ਸਨ। ਇਸ ਮਗਰੋਂ ਜਾਂਚ ਦੇ ਹੁਕਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਹੁਕਮਾਂ ਤੋਂ ਬਾਅਦ ਵੀ ਫੀਸਾਂ ਵਿੱਚ ਵਾਧਾ ਕਰਨ ਵਾਲੇ ਸੂਬੇ ਦੇ 720 ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਗਿਆ ਹੈ ਕਿ ਇਨ੍ਹਾਂ ਵਿੱਚੋਂ ਕੁਝ ਸਕੂਲ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਵਾਧੂ ਦੁਕਾਨਾਂ ਬਾਰੇ ਜਾਣਕਾਰੀ ਦੇਣ ਵਿੱਚ ਵੀ ਅਸਫਲ ਰਹੇ ਸਨ। ਪੰਜਾਬ ਦੇ ਸਕੂਲਾਂ ਨੇ ਫੀਸਾਂ ਦੇ ਮਾਮਲੇ ‘ਤੇ ਸੂਬਾ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਸੀ।
30 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਫੀਸਾਂ ਨਾ ਵਧਾਉਣ ਜਾਂ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਾ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਹਾਲਾਂਕਿ ਕਈ ਸਕੂਲ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ‘ਚ ਉਤਰ ਆਏ ਹਨ।
ਉਨ੍ਹਾਂ ਦੱਸਿਆ ਕਿ ਕਾਨੂੰਨੀ ਤੌਰ ’ਤੇ ਉਹ ਹਰ ਸਾਲ ਫੀਸਾਂ ਵਿੱਚ 8 ਫੀਸਦੀ ਵਾਧਾ ਕਰ ਸਕਦੇ ਹਨ। ਖਾਸ ਗੱਲ ਇਹ ਹੈ ਕਿ ਪੰਜਾਬ ਵਿੱਚ ਕੁਝ ਸਾਲਾਂ ਤੋਂ ਮਾਪੇ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਵਾਧੇ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਦੋ ਸਾਲਾਂ ਵਿੱਚ ਮਹਾਮਾਰੀ ਦੇ ਦੌਰ ਵਿੱਚ ਇਹ ਮਾਮਲਾ ਜ਼ੋਰ ਫੜ ਗਿਆ ਸੀ।
ਮਾਪਿਆਂ ਨੇ ਦੋਸ਼ ਲਾਇਆ ਕਿ ਆਨਲਾਈਨ ਕਲਾਸਾਂ ਚੱਲਣ ਦੇ ਬਾਵਜੂਦ ਪ੍ਰਾਈਵੇਟ ਸਕੂਲ ਫੀਸਾਂ ਵਿੱਚ ਭਾਰੀ ਵਾਧਾ ਕਰ ਰਹੇ ਹਨ। ਪ੍ਰਾਈਵੇਟ ਸਕੂਲਾਂ ਖਿਲਾਫ ਰਾਜ ਦੇ ਸਿੱਖਿਆ ਵਿਭਾਗ ਕੋਲ ਵੀ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ।
