ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ 32 ਕਰੋੜ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ

 ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਨੂੰ 32 ਕਰੋੜ ਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ

ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹ ਆਉਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਕਾਰਨ ਪ੍ਰਭਾਵਿਤ ਹੋਏ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਕਮ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਇਸ ਮੀਟਿੰਗ ਵਿੱਚ ਸਾਲ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਕਹਿਰ ਨਾਲ ਹੋਏ ਭਾਰੀ ਨੁਕਸਾਨ ਦਾ ਜ਼ਿਕਰ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਸੀ। ਭਗਵੰਤ ਮਾਨ ਨੇ ਦੱਸਿਆ ਕਿ ਕੁੱਲ 32 ਕਰੋੜ ਰੁਪਏ ਵਿੱਚੋਂ 28 ਕਰੋੜ ਰੁਪਏ ਦਾ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਸੀ, ਜਦਕਿ ਬਾਕੀ 4 ਕਰੋੜ ਰੁਪਏ ਦਾ ਨੁਕਸਾਨ ਘਰਾਂ ਅਤੇ ਹੋਰ ਅਦਾਰਿਆਂ ਦਾ ਹੋਇਆ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਬਜਾਏ ਤੱਤਕਾਲੀ ਸੂਬਾ ਸਰਕਾਰ ਇਸ ਮਾਮਲੇ ਵਿੱਚ ਢਿੱਲਮੱਠ ਕਰ ਰਹੀ ਸੀ ਤਾਂ ਜੋ ਸੰਕਟ ਵਿੱਚ ਘਿਰੇ ਲੋਕਾਂ ਨੂੰ ਰਾਹਤ ਨਾ ਮਿਲ ਸਕੇ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਦਾ ਨਾਂਹ-ਪੱਖੀ ਰਵੱਈਆ ਇਸ ਗੱਲ ਤੋਂ ਨਜ਼ਰ ਆਉਂਦਾ ਹੈ ਕਿ ਲੋਕਾਂ ਨੂੰ ਮੁਆਵਜ਼ੇ ਵਜੋਂ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ।

ਉਹਨਾਂ ਨੇ ਮਾਲ ਵਿਭਾਗ ਨੂੰ ਹੁਕਮ ਦਿੱਤੇ ਕਿ ਲੋਕਾਂ ਨੂੰ ਮੁਆਵਜ਼ਾ ਜਲਦੀ ਵੰਡਣ ਦੀਆਂ ਰਸਮੀ ਕਾਰਵਾਈਆਂ ਤੁਰੰਤ ਪੂਰੀਆਂ ਕੀਤੀਆਂ ਜਾਣ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ, ਅਮਨਦੀਪ ਸਿੰਘ ਅਤੇ ਜਗਦੀਪ ਕੰਬੋਜ ਨੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

Leave a Reply

Your email address will not be published.