ਬਹਿਬਲ ਕਲਾਂ ਇਨਸਾਫ਼ ਮੋਰਚੇ ਨੇ 7 ਜਨਵਰੀ ਵਾਲਾ ਪ੍ਰੋਗਰਾਮ ਕੀਤਾ ਮੁਲਤਵੀ, ਦੱਸਿਆ ਇਹ ਕਾਰਨ

ਚੰਡੀਗੜ੍ਹ ਵਿਖੇ ਬਹਿਬਲ ਕਲਾਂ ਇਨਸਾਫ਼ ਮੋਰਚੇ ਵੱਲੋਂ 7 ਜਨਵਰੀ ਨੂੰ ਲਗਾਇਆ ਜਾਣ ਵਾਲਾ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗੱਲ ਕਰਦਿਆਂ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਬੇਅਦਬੀ ਮਾਮਲਿਆਂ ਨੂੰ ਲੈ ਕੇ ਇਨਸਾਫ਼ ਮੋਰਚੇ ਵੱਲੋਂ 7 ਜਨਵਰੀ ਨੂੰ ਮੋਰਚੇ ਵਾਲੀ ਥਾਂ ’ਤੇ ਵੱਡਾ ਇਕੱਠ ਕਰਕੇ ਅਗਲੇ ਤਿੱਖੇ ਸੰਘਰਸ਼ ਦੀ ਸ਼ੁਰੂਆਤ ਕੀਤੀ ਜਾਣੀ ਸੀ।
ਚੰਡੀਗੜ੍ਹ ਵਿਖੇ ਸਿੱਖ ਮਸਲਿਆਂ ਅਤੇ ਪੰਜਾਬ ਦੇ ਅਹਿਮ ਮਸਲਿਆਂ ਨੂੰ ਲੈ ਕੇ ਹੋਣ ਵਾਲੇ ਮੋਰਚੇ ਦੇ ਮੱਦੇਨਜ਼ਰ 7 ਜਨਵਰੀ ਵਾਲੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ 15 ਦਸੰਬਰ ਨੂੰ ਸੰਗਤ ਵੱਲੋਂ ਹਾਈਵੇ ਜਾਮ ਕੀਤਾ ਗਿਆ ਸੀ ਪਰ ਸ਼ਹੀਦੀ ਦਿਹਾੜੇ ਚੱਲਦੇ ਹੋਣ ਦੇ ਮੱਦੇਨਜ਼ਰ ਅਤੇ ਸੰਗਤ ਦੀ ਸਹੂਲਤ ਲਈ ਹਾਈਵੇ ਦਾ ਇੱਕ ਪਾਸਾ ਖੋਲ੍ਹ ਦਿੱਤਾ ਗਿਆ ਸੀ।
ਉਸ ਦਿਨ ਮੌਸਮ ਖ਼ਰਾਬ ਹੋਣ ਕਾਰਨ ਮੋਰਚੇ ਵੱਲੋਂ ਧਰਨਾ ਚੁੱਕ ਲਿਆ ਗਿਆ ਸੀ ਅਤੇ ਜਾਮ ਨੂੰ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਸੀ। ਆਗੂਆਂ ਨੇ ਦੱਸਿਆ ਕਿ 7 ਜਨਵਰੀ ਨੂੰ ਫਿਰ ਤੋਂ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਮੌਸਮ ਖ਼ਰਾਬ ਹੋਣ ਅਤੇ ਹੋਰ ਕਾਰਨਾਂ ਕਰਕੇ ਇਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ ਤਾਂ ਜੋ ਮੋਰਚੇ ਕਾਰਨ ਕੋਈ ਹਾਦਸਾ ਨਾ ਵਾਪਰੇ।
ਬਹਿਬਲ ਕਲਾਂ ਇਨਸਾਫ਼ ਮੋਰਚੇ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ ਜਲਦ ਹੀ ਬੇਅਦਬੀ ਤੋਂ ਇਲਾਵਾ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਮੁਕੰਮਲ ਕਰਕੇ ਸਾਰੇ ਮੁਲਜ਼ਮਾਂ ਖ਼ਿਲਾਫ਼ ਚਲਾਣ ਪੇਸ਼ ਕਰੇ ਤਾਂ ਜੋ ਦੋਸ਼ੀਆਂ ਨੂੰ ਜਲਦ ਸਜ਼ਾ ਦਿੱਤੀ ਜਾ ਸਕੇ ਤੇ ਸੰਗਤ ਨੂੰ ਇਨਸਾਫ਼ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿੰਨੀ ਦੇਰ ਸੰਗਤ ਨੂੰ ਇਨਸਾਫ਼ ਨਹੀਂ ਮਿਲ ਜਾਂਦਾ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ।