ਬਿਜਲੀ ਪਲਾਂਟ ਪੰਜਾਬ ਦੀ ਵਿਰਾਸਤ ਨੇ ਤੇ ਇਹਨਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇਗਾ: ਮੁੱਖ ਮੰਤਰੀ ਮਾਨ

ਬਿਜਲੀ ਦੇ ਵਿਕਾਸ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲਾਂ ਬਾਅਦ ਸੂਬੇ ਵਿੱਚ ਸਰਕਾਰੀ ਥਰਮਲ ਪਲਾਂਟਾਂ ਤੋਂ ਬਿਜਲੀ ਉਤਪਾਦਨ ਵਿੱਚ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਖੇਤੀਬਾੜੀ ਖੇਤਰ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਮਿਲਦੀ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇ ਨੀਅਤ ਸੱਚੀ ਹੋਵੇ ਤਾਂ ਸਾਰੇ ਕੰਮ ਆਪਣੇ-ਆਪ ਪੂਰੇ ਹੋਣੇ ਸ਼ੁਰੂ ਹੋ ਜਾਂਦੇ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨੀਅਤ ਬਹੁਤ ਸਾਫ਼ ਹੈ ਅਤੇ ਉਹ ਕੁਝ ਕਰਨਾ ਚਾਹੁੰਦੀ ਹੈ ਜਦਕਿ ਪਿਛਲੀਆਂ ਸਰਕਾਰਾਂ ਦੀ ਨੀਅਤ ਵਿੱਚ ਹਮੇਸ਼ਾ ਨੁਕਸ ਨਿਕਲਦਾ ਹੈ।
ਮਾਨ ਨੇ ਕਿਹਾ ਕਿ ਸਰਕਾਰੀ ਬਿਜਲੀ ਪਲਾਂਟ ਪੰਜਾਬ ਦੀ ਵਿਰਾਸਤ ਹਨ ਅਤੇ ਇਹਨਾਂ ਨੂੰ ਪੰਜਾਬ ਸਰਕਾਰ ਵੱਲੋਂ ਹੋਰ ਮਜ਼ਬੂਤ ਬਣਾਇਆ ਜਾਵੇਗਾ ਅਤੇ ਇਹਨਾਂ ਦੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਸਾਲਾਂ ਬਾਅਦ ਪੰਜਾਬ ਇੱਕ ਵਾਰ ਫਿਰ ਬਿਜਲੀ ਦੇ ਖੇਤਰ ਵਿੱਚ ਅੱਗੇ ਵਧਦਾ ਨਜ਼ਰ ਆ ਰਿਹਾ ਹੈ, ਜਿਸ ਦਾ ਆਉਣ ਵਾਲੇ ਸਮੇਂ ਵਿੱਚ ਉਦਯੋਗ ਨੂੰ ਬਹੁਤ ਲਾਭ ਹੋਵੇਗਾ।
ਉਹਨਾਂ ਟਵੀਟ ਕਰਦਿਆਂ ਲਿਖਿਆ ਕਿ ਅਗਲੇ ਸਾਲ ਤੱਕ ਸਰਕਾਰੀ ਬਿਜਲੀ ਘਰਾਂ ਦੀ ਸਮਰੱਥਾ ਹੋਰ ਵੱਧ ਜਾਵੇਗੀ ਅਤੇ ਉਹਨਾਂ ਥਰਮਲ ਪਲਾਂਟਾਂ ਤੋਂ ਸੂਬੇ ਵਿੱਚ ਬਿਜਲੀ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇਗਾ।
ਉਹਨਾਂ ਕਿਹਾ ਕਿ, ਇੱਕ ਅੰਕੜੇ ਮੁਤਾਬਕ ਇਸ ਵਾਰ ਸਰਕਾਰੀ ਥਰਮਲ ਪਲਾਂਟਾਂ ਤੋਂ ਬਿਜਲੀ ਉਤਪਾਦਨ ਵਿੱਚ 83 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।