ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼, ਰਾਮ ਰਹੀਮ ਤੋਂ ਪੁੱਛੇ ਜਾਣਗੇ 200 ਸਵਾਲ

ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਸੀ ਕਿ ਬੇਅਦਬੀ ਮੁਲਾਜ਼ਮਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ। ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਹੁਣ ਐਸਟੀਐਫ ਚੌਕਸ ਹੋ ਗਈ ਹੈ।

ਪਤਾ ਲੱਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਸਾਜਿਸ਼ ਰਚਣ ਦੇ ਦੋਸ਼ਾਂ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਸੋਮਵਾਰ ਨੂੰ ਸੁਨਾਰੀਆ ਜੇਲ੍ਹ ਵਿੱਚ ਪੁੱਛ ਪੜਤਾਲ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ ਆਪਣੀ ਕਾਰਵਾਈ ਮੁਕੰਮਲ ਕਰ ਲਈ ਹੈ ਤੇ ਉਸ ਨੇ 200 ਸਵਾਲਾਂ ਦੀ ਸੂਚੀ ਵੀ ਤਿਆਰ ਕੀਤੀ ਹੈ, ਜੋ ਰਾਮ ਰਹੀਮ ਤੋਂ ਪੁੱਛੇ ਜਾਣੇ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ 8 ਨਵੰਬਰ ਨੂੰ ਸਵੇਰੇ 8 ਵਜੇ ਸੁਨਾਰੀਆ ਜੇਲ੍ਹ ਜਾਵੇਗੀ। ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗੈਰਕਾਨੂੰਨੀ ਦੱਸਿਆ ਸੀ।
ਹਾਈਕੋਰਟ ਨੇ ਰਾਮ ਰਹੀਮ ਨੂੰ ਫਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਰਾਮ ਰਹੀਮ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ।
