ਬੰਦੀ ਸਿੰਘਾਂ ਨੂੰ ਲੈ ਕੇ ਸੰਤ ਸੀਚੇਵਾਲ ਦਾ ਬਿਆਨ, ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ‘ਚ ਰੱਖਣਾ ਗੈਰ-ਸੰਵਿਧਾਨਕ

ਰਾਜ ਸਭਾ ਮੈਂਬਰ ਤੇ ਵਾਤਾਵਾਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕੀ ਹੈ। ਉਹਨਾਂ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਉਹਨਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਇਹ ਜਿੱਥੇ ਇਨਸਾਫ਼ ਦਾ ਮਾਮਲਾ ਹੈ ਉੱਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਮਾਮਲਾ ਹੈ।
ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਗੈਰ-ਸੰਵਿਧਾਨਕ। ਇਹ ਜਿੱਥੇ ਇਨਸਾਫ਼ ਦਾ ਮਾਮਲਾ ਹੈ ਉਥੇ ਹੀ ਮਨੁੱਖੀ ਅਧਿਕਾਰਾਂ ਦਾ ਵੀ ਗੰਭੀਰ ਮਾਮਲਾ ਹੈ। pic.twitter.com/xjaFZLNg5g
— Sant Balbir Singh Seechewal (@SantSeechewal) January 25, 2023
ਸੀਚੇਵਾਲ ਨੇ ਕਿਹਾ ਕਿ ਜਿਹੜੇ ਬੰਦੀ ਸਿੰਘਾਂ ਨੂੰ ਸਜ਼ਾਵਾਂ ਹੋਈਆਂ ਸਨ, ਉਹੀ ਸੰਵਿਧਾਨ ਜਿਊਣ ਦਾ ਅਧਿਕਾਰ ਵੀ ਦਿੰਦਾ ਹੈ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਉਹਨਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਗ਼ੈਰ-ਸੰਵਿਧਾਨਕ ਹੈ। ਉਧਰ, ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਬਾਰੇ ਜੱਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜੱਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਸਰਹੱਦ ਤੇ ਪੱਕਾ ਮੋਰਚਾ ਜਾਰੀ ਹੈ।
ਠੰਡ ਦੇ ਬਾਵਜੂਦ ਸਿੱਖ ਤੇ ਇਨਸਾਫ਼ ਪਸੰਦ ਲੋਕ ਲੜੀਵਾਰ ਧਰਨੇ ਤੇ ਡਟੇ ਹੋਏ ਹਨ। ਇਸ ਸਬੰਧੀ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਬੀਤੀ 7 ਜਨਵਰੀ ਤੋਂ ਸਿੱਖ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਤੇ ਰੋਜ਼ਾਨਾ ਕਿਸਾਨ, ਇਨਸਾਫ਼ ਪਸੰਦ ਲੋਕ, ਨਿਹੰਗ ਜਥੇਬੰਦੀਆਂ, ਗਾਇਕ ਵੱਡੀ ਗਿਣਤੀ ਵਿੱਚ ਇਸ ਨਾਲ ਜੁੜ ਰਹੇ ਹਨ ਪਰ ਹੁਣ ਤੱਕ ਸਰਕਾਰਾਂ ਦੇ ਕੰਨ ਤੇ ਜੂੰ ਤੱਕ ਨਹੀਂ ਸਰਕੀ।