ਬੱਸ ਅੱਡਿਆ ’ਤੇ 2 ਘੰਟੇ ਤੱਕ ਬੱਸਾਂ ਦਾ ਰਿਹਾ ਚੱਕਾ ਜਾਮ, ਸਵਾਰੀਆਂ ਹੋਈਆਂ ਖੱਜਲ-ਖੁਆਰ

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡਿਆਂ ਤੇ 2 ਘੰਟੇ ਬੱਸਾਂ ਦਾ ਚੱਕਾ ਜਾਮ ਕੀਤਾ ਹੈ। ਇਸ ਦੌਰਾਨ ਕਿਸੇ ਵੀ ਬੱਸ ਨੂੰ ਅੰਦਰ ਜਾਣ ਜਾਂ ਬਾਹਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਇਸ ਸਬੰਧੀ ਯੂਨੀਅਨ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਉਹਨਾਂ ਦੀਆਂ ਲਟਕਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜ਼ਬੂਰ ਹਨ।
ਡਿਪੂ ਪ੍ਰਧਾਨ ਸਤਨਾਮ ਸਿੰਘ, ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਅਤੇ ਟਰਾਂਸਪੋਰਟ ਮੰਤਰੀ ਨਾਲ ਹੋਈਆਂ ਮੀਟਿੰਗਾਂ ਵਿੱਚ ਅਹਿਮ ਮੁੱਦੇ ਵਿਚਾਰੇ ਗਏ ਸਨ ਪਰ ਉਹਨਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਕੀਤੀਆਂ ਗਈਆਂ ਨਜਾਇਜ਼ ਰਿਪੋਰਟਾਂ ਨੂੰ ਜਲਦੀ ਬੰਦ ਕਰਕੇ ਉਹਨਾਂ ਦੀ ਬਹਾਲੀ ਤੁਰੰਤ ਕੀਤੀ ਜਾਵੇ।
ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਕੋਲੋਂ ਬਿਨਾਂ ਟ੍ਰੇਨਿੰਗ ਦੇ ਡਰਾਈਵਰਾਂ ਦੀ ਭਰਤੀ ਨਜਾਇਜ਼ ਹੈ, ਜਿਸ ਨੂੰ ਉਹ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਹੜਤਾਲ ਹੋਣ ਕਾਰਨ ਸਵਾਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦਾ ਜਾਮ ਲੱਗ ਗਿਆ ਸੀ ਅਤੇ ਬੱਸ ਸਟੈਂਡ ਦੇ ਕਾਊਂਟਰਾਂ ਤੇ ਕੋਈ ਵੀ ਬੱਸ ਖੜ੍ਹੀ ਨਹੀਂ ਸੀ। ਇਸ ਦਾ ਫ਼ਾਇਦਾ ਪ੍ਰਾਈਵੇਟ ਟਰਾਂਸਪੋਰਟ ਚਾਲਕਾਂ ਨੇ ਚੁੱਕਿਆ ਕਿਉਂਕਿ ਉਹਨਾਂ ਨੇ ਬੱਸ ਅੱਡੇ ਦੇ ਬਾਹਰ ਆਪਣੀਆਂ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਭਰ ਦਿੱਤੀਆਂ ਅਤੇ ਟ੍ਰੈਫਿਕ ਜਾਮ ਵਰਗੀ ਸਥਿਤੀ ਪੈਦਾ ਕਰ ਦਿੱਤੀ।