ਭਗਵੰਤ ਮਾਨ ਨੇ ਪੀਐਮ ਮੋਦੀ ਨੂੰ ਪੰਜਾਬੀਆਂ ਦੀ ਤਾਕਤ ਦਾ ਕਰਾਇਆ ਅਹਿਸਾਸ

ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉੱਥੇ ਹੀ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਨੂੰ ਲੈ ਕੇ ਕਿਹਾ ਕਿ ਕਿਸਾਨੀ ਸੰਘਰਸ਼ ਅਤੇ ਇਕਜੁਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲਾਖੋਰੀ ਤੇ ਉਤਰ ਆਏ ਹਨ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਹਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ ਕਿਉਂ ਕਿ ਉਹਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਜ਼ਿਆਦਾ ਪਿਆਰੇ ਹਨ। ਇਹੋ ਹੀ ਕਾਰਨ ਹੈ ਜਦ ਪੰਜਾਬ ਦੇ ਕਿਸਾਨਾਂ ਨੇ ਮਾਲ ਗੱਡੀਆਂ ਦੀ ਆਵਾਜਾਈ ਰੇਲ ਲਾਈਨਾਂ ਖਾਲੀ ਕਰ ਦਿੱਤੀਆਂ ਸਨ ਤਾਂ ਮੋਦੀ ਨੇ ਸਭ ਤੋਂ ਪਹਿਲਾਂ ਮੋਗਾ ਸਥਿਤ ਅੰਡਾਨੀਆਂ ਦੇ ਸਾਇਲੋ ਲਈ ਮਾਲ ਗੱਡੀ ਭੇਜ ਦਿੱਤੀ।
ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ਼ਰਤਾਂ ਸਹਿਤ ਮਾਲ ਗੱਡੀਆਂ ਰੋਕ ਕੇ ਪੰਜਾਬ ਨੂੰ ਆਰਥਿਕ ਤੌਰ ਤੇ ਤੋੜਨ ਅਤੇ ਭੁੱਖੇ ਮਾਰਨ ਦੀ ਬਦਲੇਖੋਰ ਸੋਚ ਰੱਖਣ ਵਾਲੇ ਪ੍ਰਧਾਨ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਤੋਂ ਬਿਨਾਂ, ਜੈ ਜਵਾਨ ਜੈ ਕਿਸਾਨ ਨਾਅਰੇ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ।
ਦੇਸ਼ ਨੂੰ ਆਜ਼ਾਦੀ ਦਿਵਾਉਣ ਅਤੇ ਭੁੱਖਮਰੀ ਵਿਚੋਂ ਬਾਹਰ ਕੱਢਣ ਲਈ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਹੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਵੀ ਚਾਹੀਦਾ ਹੈ ਕਿ ਉਹ ਵੀ ਯੂਰੀਆ, ਕੋਲਾ, ਬਿਜਲੀ ਅਤੇ ਵਪਾਰ ਦੇ ਹਵਾਲੇ ਦੇ ਕੇ ਕਿਸਾਨਾਂ ਨੂੰ ਅਪੀਲਾਂ ਕਰਨ ਦੀ ਥਾਂ ਨਰਿੰਦਰ ਮੋਦੀ ਕੋਲ ਕਿਸਾਨਾਂ ਦੀ ਗੱਲ ਕਰਨ।
ਦਸ ਦਈਏ ਕਿ ਪੰਜਾਬ ਵਿੱਚ ਖੇਤੀ ਬਿੱਲਾਂ ਨੂੰ ਰੱਦ ਕਰਾਉਣ ਦੀ ਆੜ ਵਿੱਚ ਕਿਸਾਨ ਲਗਾਤਾਰ ਧਰਨਿਆਂ ਤੇ ਬੈਠੇ ਹਨ। ਇਸ ਦੇ ਨਾਲ ਹੀ ਭਾਰਤ ਦੀਆਂ 250 ਤੋਂ ਵੱਧ ਕਿਸਾਨ ਜੱਥੇਬੰਦੀਆਂ ਨੇ ਸਾਂਝੀ ਮੀਟਿੰਗ ਕਰ ਕੇ ਕਿਹਾ ਕਿ ਉਹ ਅਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
