ਭਾਜਪਾ ਨੇ ਪੰਜਾਬ ਚੋਣਾਂ ਲਈ ਖਿੱਚੀ ਤਿਆਰੀ, ਜੇ ਪੀ ਨੱਡਾ ਪੰਜਾਬ ’ਚ ਕਰਨਗੇ ਰੈਲੀਆਂ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਡਿਜੀਟਲ ਪ੍ਰਚਾਰ ਵਿੱਚ ਵੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਭਾਜਪਾ ਨੇ ਵੀ ਐਲਾਨ ਕੀਤਾ ਹੈ ਕਿ ਉਹਨਾਂ ਵੱਲੋਂ ਵੀ 12 ਫਰਵਰੀ ਤੋਂ ਰੈਲੀਆਂ ਸ਼ੁਰੂ ਕੀਤੀਆਂ ਜਾਣਗੀਆਂ। ਜੇਪੀ ਨੱਡਾ ਭਾਜਪਾ ਦੇ ਕੌਮੀ ਪ੍ਰਧਾਨ ਇਹਨਾਂ ਰੈਲੀਆਂ ਦੀ ਅਗਵਾਈ ਕਰਨਗੇ।
ਇਸ ਦੀ ਸੂਚੀ ਵੀ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਗਈ ਹੈ। ਬਲਾਚੌਰ, ਰੋਪੜ, ਰਾਜਪੁਰਾ ਅਤੇ ਘਨੌਰ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। ਭਾਜਪਾ ਦੀ ਸਰਕਾਰ ਕੇਂਦਰ ਵਿੱਚ ਹੁੰਦਿਆਂ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ ਦੀਆਂ ਸੜਕਾਂ ਤੇ ਬੈਠਣਾ ਪਿਆ ਸੀ। ਇਸ ਤੋਂ ਬਾਅਦ ਪੀਐਮ ਮੋਦੀ ਨੇ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਤੇ ਖੇਤੀ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਕੀਤਾ ਸੀ।
ਇਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਦਿੱਤਾ। ਪਰ ਪੰਜਾਬ ਦੇ ਕਿਸਾਨਾਂ ਦੇ ਨਾਲ-ਨਾਲ ਹੋਰਨਾਂ ਸੂਬਿਆਂ ਦੇ ਕਿਸਾਨਾਂ ਵਿੱਚ ਅਜੇ ਵੀ ਰੋਸ ਹੈ। ਇਸ ਤੋਂ ਬਾਅਦ ਹੁਣ ਪੰਜਾਬ ਵਿੱਚ ਕਮਲ ਖਿੜਦਾ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
