ਮਰਹੂਮ ਸੰਤੋਖ ਸਿੰਘ ਚੌਧਰੀ ਦੀ ਮ੍ਰਿਤਕ ਦੇਹ ਪਹੁੰਚੀ ਘਰ, ਰਾਹੁਲ ਗਾਂਧੀ ਅਤੇ ਹੋਰ ਕਈ ਲੀਡਰ ਵੀ ਪਹੁੰਚੇ ਸੰਸਦ ਮੈਂਬਰ ਦੇ ਘਰ

ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਅੱਜ ਭਾਰਤ ਜੋੜੋ ਯਾਤਰਾ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਹਨਾਂ ਦੀ ਮ੍ਰਿਤਕ ਦੇਹ ਘਰ ਪਹੁੰਚ ਚੁੱਕੀ ਹੈ। ਮਰਹੂਮ ਸੰਸਦ ਮੈਂਬਰ ਚੌਧਰੀ ਦਾ ਅੰਤਿਮ ਸਸਕਾਰ ਕੱਲ੍ਹ ਸਵੇਰੇ 11 ਵਜੇ ਉਹਨਾਂ ਦੇ ਪਿੰਡ ਧਾਲੀਵਾਲ ਵਿਖੇ ਕੀਤਾ ਜਾਵੇਗਾ। ਇਸ ਦੌਰਾਨ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਹਨਾਂ ਦੇ ਘਰ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਦੌਰਾਨ ਰਾਹੁਲ ਗਾਂਧੀ ਨੇ ਦੁਖ ਜ਼ਾਹਰ ਕਰਦੇ ਹੋਏ ਕਿਹਾ ਕਿ, ਉਹਨਾਂ ਦੀ ਮੌਤ ਦੇ ਨਾਲ ਡੂੰਘੇ ਸਦਮੇ ਵਿੱਚ ਹਨ। ਸੰਤੋਖ ਸਿੰਘ ਚੌਧਰੀ ਮਿਹਨਤੀ ਨੇਤਾ ਸਨ। ਯੂਵਾ ਕਾਂਗਰਸ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਨੇ ਆਪਣਾ ਜੀਵਨ ਜਨਸੇਵਾ ਨੂੰ ਸਮਰਪਿਤ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਦੀ ਯਾਤਰਾ ਦੌਰਾਨ ਅੱਜ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਅਚਾਨਕ ਸਿਹਤ ਵਿਗੜਨ ਮਗਰੋਂ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਕਰਾਰ ਦਿੱਤਾ।