ਮਹਿਲਾ ਸਰਪੰਚ ਦੇ ਪਤੀ ਨਹੀਂ ਚੱਲੇਗੀ ਧੌਂਸ, ਮੰਤਰੀ ਧਾਲੀਵਾਲ ਨੇ ਜਾਰੀ ਕੀਤੇ ਇਹ ਨਵੇਂ ਹੁਕਮ

 ਮਹਿਲਾ ਸਰਪੰਚ ਦੇ ਪਤੀ ਨਹੀਂ ਚੱਲੇਗੀ ਧੌਂਸ, ਮੰਤਰੀ ਧਾਲੀਵਾਲ ਨੇ ਜਾਰੀ ਕੀਤੇ ਇਹ ਨਵੇਂ ਹੁਕਮ

ਪੰਜਾਬ ਸਰਕਾਰ ਨੇ ਸਰਪੰਚਾਂ ਨੂੰ ਲੈ ਕੇ ਨਵਾਂ ਫ਼ੈਸਲਾ ਲਿਆ ਹੈ। ਸਰਪੰਚ ਔਰਤ ਦੀ ਥਾਂ ਪਰਿਵਾਰ ਦੇ ਕਿਸੇ ਹੋਰ ਮੈਂਬਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਹਸਤਾਖ਼ਰ ਕਰਨ ਦੀ ਪ੍ਰਥਾ ਖ਼ਤਮ ਕਰ ਦਿੱਤੀ ਗਈ ਹੈ। ਪੱਤਰਕਾਰ ਸੰਮੇਲਨ ਮੌਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਡਵੀਜ਼ਨਲ ਡਿਪਟੀ ਡਾਇਰੈਕਟਰ, ਪੰਚਾਇਤ, ਵਧੀਕ ਡਿਪਟੀ ਕਮਿਸ਼ਨਰ, ਵਿਕਾਸ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਜੇ ਕੋਈ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੇਂਡੂ ਵਿਕਾਸ ਮੰਤਰੀ ਨੇ ਸਪੱਸ਼ਟ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਮੀਟਿੰਗਾਂ ਵਿੱਚ ਕਿਸੇ ਵੀ ਇਸਤਰੀ ਦੇ ਪਤੀ/ਪੁੱਤਰ ਜਾਂ ਕਿਸੇ ਹੋਰ ਪਰਿਵਾਰਕ ਮੈਂਬਰ ਨੂੰ ਉਸ ਦੀ ਥਾਂ ਤੇ ਮੀਟਿੰਗ ਵਿੱਚ ਭਾਗ ਨਾ ਲੈਣ ਦਿੱਤੇ ਜਾਣ ਸਬੰਧੀ ਕਈ ਵਾਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਦੇ ਬਾਵਜੂਦ ਵੀ ਇਹ ਵੇਖਣ ਵਿੱਚ ਆਇਆ ਹੈ ਕਿ ਜਦੋਂ ਵੀ ਚੁਣੀਆਂ ਹੋਈਆਂ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸੰਮਤੀਆਂ ਅਤੇ ਗ੍ਰਾਮ ਪੰਚਾਇਤਾਂ ਦੀ ਕੋਈ ਮੀਟਿੰਗ ਹੁੰਦੀ ਹੈ ਤਾਂ ਮੀਟਿੰਗ ਵਿੱਚ ਚੁਣੇ ਹੋਏ ਇਸਤਰੀ ਅਹੁਦੇਦਾਰਾਂ ਦੀ ਥਾਂ ਉਸ ਦਾ ਪਤੀ ਜਾਂ ਹੋਰ ਕੋਈ ਪਰਿਵਾਰਕ ਮੈਂਬਰ ਹਾਜ਼ਰ ਹੁੰਦੇ ਹਨ।

ਉਹਨਾਂ ਹਦਾਇਤਾਂ ਜਾਰੀਆਂ ਕੀਤੀਆਂ ਹਨ ਕਿ ਜਦੋਂ ਵੀ ਪੰਚਾਇਤਾਂ ਵੱਲੋਂ ਜਾਂ ਵਿਭਾਗ ਵੱਲੋਂ ਕੋਈ ਮੀਟਿੰਗ ਕੀਤੀ ਜਾਂਦੀ ਹੈ ਤਾਂ ਮੀਟਿੰਗ ਵਿੱਚ ਚੁਣੇ ਗਏ ਇਸਤਰੀ ਅਹੁਦੇਦਾਰਾਂ ਦੀ ਸਰਗਰਮ ਸ਼ਮੂਲੀਅਤ ਹੋਵੇ ਅਤੇ ਕੋਈ ਵੀ ਹੋਰ ਪਰਿਵਾਰਕ ਮੈਂਬਰ ਉਸ ਦੀ ਥਾਂ ਮੀਟਿੰਗ ਵਿੱਚ ਹਿੱਸਾ ਨਾ ਲਵੇ।

Leave a Reply

Your email address will not be published.