ਮਾਨ ਸਰਕਾਰ ਵੱਲੋਂ ਹੁਕਮ ਜਾਰੀ, ਮਹਿੰਗੇ ਹੋਟਲਾਂ ਦੀ ਥਾਂ ਸਰਕਟ ਹਾਊਸਾਂ ਵਿੱਚ ਠਹਿਰਨ ਵਜ਼ੀਰ

ਪੰਜਾਬ ਸਰਕਾਰ ਨੇ ਸਾਰੇ ਵਜ਼ੀਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਹਨਾਂ ਨੇ ਹੁਕਮ ਦਿੱਤਾ ਕਿ ਵਜ਼ੀਰ ਜਦੋਂ ਵੀ ਫ਼ੀਲਡ ਵਿੱਚ ਜਾਣ ਤਾਂ ਉਹ ਸਰਕਟ ਹਾਊਸਾਂ ਜਾਂ ਸਰਕਾਰੀ ਗੈਸਟ ਹਾਊਸਾਂ ਵਿੱਚ ਰੁਕਣ। ਕੈਬਨਿਟ ਵਜ਼ੀਰਾਂ ਨੂੰ ਪੰਜ ਤਾਰਾ ਹੋਟਲਾਂ ਵਿੱਚ ਠਹਿਰਨ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਲਿਖਤੀ ਹੁਕਮ ਵੀ ਜਾਰੀ ਕੀਤੇ ਜਾਣੇ ਹਨ।
ਮੁੱਖ ਮੰਤਰੀ ਦਫ਼ਤਰ ਨੇ ਸਾਰੇ ਸਰਕਟ ਹਾਊਸਾਂ ਤੇ ਸਰਕਾਰੀ ਗੈਸਟ ਹਾਊਸਾਂ ਨੂੰ ਸੁਰਜੀਤ ਕਰਨ ਦੀ ਵਿਉਂਤਬੰਦੀ ਕੀਤੀ ਹੈ। ਕੈਬਨਿਟ ਵਜ਼ੀਰਾਂ ਅਤੇ ਵਿਧਾਇਕਾਂ ਨੂੰ ਸਰਕਾਰੀ ਕੰਮਕਾਰ ਸਰਕਟ ਹਾਊਸਾਂ ਚੋਂ ਕਰਨ ਵਾਸਤੇ ਕਿਹਾ ਗਿਆ ਹੈ। ਨਵੀਂ ਯੋਜਨਾਬੰਦੀ ਵਿੱਚ ਰੈਸਟ ਹਾਊਸਾਂ ਨੂੰ ਆਮ ਲੋਕਾਂ ਲਈ ਵੀ ਖੋਲ੍ਹਿਆ ਜਾਣਾ ਹੈ ਤਾਂ ਜੋ ਉਹ ਵੀ ਬੁਕਿੰਗ ਕਰਾ ਸਕਣ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀਆਂ ਨੂੰ ਸਰਕਟ ਹਾਊਸਾਂ ਦਾ ਗੇੜਾ ਰੱਖਣ ਲਈ ਕਿਹਾ ਗਿਆ ਹੈ। ਸੀਐਮ ਨੇ ਖੁਦ ਵੀ 20 ਅਕਤੂਬਰ ਨੂੰ ਪਟਿਆਲਾ ਦੇ ਸਰਕਟ ਹਾਊਸ ਦਾ ਦੌਰਾ ਕੀਤਾ ਸੀ। ਪੰਜਾਬ ਵਿੱਚ ਸੱਤ ਸਰਕਟ ਹਾਊਸ ਹਨ ਜਦਕਿ ਰੈਸਟ ਹਾਊਸਾਂ ਦੀ ਗਿਣਤੀ ਸੈਂਕੜਿਆਂ ਵਿੱਚ ਹੈ।