ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ: ਮੋਦੀ ਸਰਕਾਰ ਖਿਲਾਫ਼ ਆਰ ਪਾਰ ਦੀ ਲੜਾਈ ਦਾ ਐਲਾਨ

ਮੁਜ਼ੱਫਰਨਗਰ ਵਿੱਚ ਅੱਜ ਹੋ ਰਹੀ ਕਿਸਾਨ ਮਹਾਂਪੰਚਾਇਤ ਤੇ ਪੂਰੇ ਦੇਸ਼ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮਹਾਂਪੰਚਾਇਥ ਹੀ ਛੇ ਮਹੀਨੇ ਬਾਅਦ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਵਾਲੀਆਂ ਚੋਣਾਂ ਦਾ ਰੁਖ ਤੈਅ ਕਰੇਗੀ ਕਿਉਂ ਕਿ ਕਿਸਾਨ ਯੂਨੀਅਨਾਂ ਇੱਥੋਂ ਹੀ ਦੋਵੇਂ ਰਾਜਾਂ ਵਿੱਚ ਸੱਤਾਧਾਰੀ ਭਾਜਪਾ ਨੂੰ ਘੇਰਨ ਦੀ ਰਣਨੀਤੀ ਦਾ ਐਲਾਨ ਕਰਨਗੀਆਂ। ਕਿਸਾਨਾਂ ਦੇ ਵੱਡੇ ਕਾਫਲੇ ਬੀਤੀ ਰਾਤ ਤੋਂ ਹੀ ਮੁਜ਼ੱਫਰਨਗਰ ਵਿੱਚ ਮਹਾਂਪੰਚਾਇਤ ਵਾਲੇ ਪੰਡਾਲ ਵਿੱਚ ਪੁੱਜ ਗਏ।

ਸਥਾਨਕ ਸੰਸਥਾਵਾਂ ਵੱਲੋਂ ਵੀ ਜੋਸ਼ੋ ਖਰੋਸ਼ ਨਾਲ ਕਿਸਾਨਾਂ ਦਾ ਸਵਾਗਤ ਕੀਤਾ ਗਿਆ। ਉੱਤਰ ਭਾਰਤ ਦੇ ਕਈ ਰਾਜਾਂ ਦੇ ਕਿਸਾਨਾਂ ਨੇ ਵੱਡੀ ਪੱਧਰ ‘ਤੇ ਸ਼ਾਮਲ ਹੋਣ ਲਈ ਮੁਜ਼ੱਫਰਨਗਰ ਨੂੰ ਚਾਲੇ ਪਾਏ ਹੋਏ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੋਇਆ ਹੈ ਕਿ ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ, ‘ਮਿਸ਼ਨ ਉੱਤਰ ਪ੍ਰਦੇਸ਼-ਉੱਤਰਾਖੰਡ’ ਦੀ ਸ਼ੁਰੂਆਤ ਕਰੇਗੀ।
ਇਹਨਾਂ ਸੂਬਿਆਂ ਵਿੱਚ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਤੇ ਸਾਰੇ ਖੇਤੀ ਉਤਪਾਦਾਂ ਦੀ ਵਿਆਪਕ ਲਾਗਤ ਦੇ ਡੇਢ ਗੁਣਾਂ ਘੱਟੋ-ਘੱਟ ਸਮਰਥਨ ਮੁੱਲ ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਪੂਰੀ ਕਰਨ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ।
ਉੱਥੇ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਮਹਾਂਪੰਚਾਇਤ ਇਹ ਵੀ ਸਾਬਤ ਕਰੇਗੀ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ 9 ਮਹੀਨਿਆਂ ਤੋਂ ਚੱਲ ਰਹੀ ਕਿਸਾਨ ਲਹਿਰ ਨੂੰ ਸਾਰੀਆਂ ਜਾਤਾਂ, ਧਰਮਾਂ, ਰਾਜਾਂ, ਵਰਗਾਂ, ਛੋਟੇ ਵਪਾਰੀਆਂ ਤੇ ਸਮਾਜ ਦੇ ਸਾਰੇ ਵਰਗਾਂ ਦਾ ਸਮਰਥਨ ਪ੍ਰਾਪਤ ਹੈ।
