News

ਮੁੱਖ ਮੰਤਰੀ ਚੰਨੀ ਨੇ ਕਰਤਾਰਪੁਰ ਸਾਹਿਬ ਲਈ ਮੁਫ਼ਤ ਬੱਸ ਸੇਵਾ ਚਲਾਉਣ ਦਾ ਕੀਤਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀਆਂ ਨਾਲ ਅੱਜ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ। ਦਰਸ਼ਨ ਕਰਕੇ ਵਾਪਸ ਪਰਤਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੁਫ਼ਤ ਬੱਸਾਂ ਚਲਾਵੇਗੀ ਤੇ ਇਹ ਬੱਸਾਂ ਸ਼ਰਧਾਲੂਆਂ ਨੂੰ ਡੇਰਾ ਬਾਬਾ ਨਾਨਕ ਵਿਖੇ ਉਤਾਰਨਗੀਆਂ।

ਮੁੱਖ ਮੰਤਰੀ ਨੇ ਦੋਵਾਂ ਸਰਕਾਰਾਂ ਨੂੰ ਵਪਾਰ ਕਰਨ ਦੀ ਅਪੀਲ ਵੀ ਕੀਤੀ ਹੈ। ਅਜਿਹਾ ਮਾਹੌਲ ਬਣਾਇਆ ਜਾਵੇ ਕਿ ਦੋਵਾਂ ਦੇਸ਼ਾਂ ਵਿੱਚ ਵਪਾਰ ਵਧਾਇਆ ਜਾ ਸਕੇ।ਇਸ ਦੇ ਨਾਲ ਹੀ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਵੀਜ਼ਾ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਚੰਨੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿਲੀ ਮੁਬਾਰਕਬਾਦ ਦਿੱਤੀ ਹੈ। ਗੁਰਪੁਰਬ ਦੀ ਸ਼ਾਮ ਮੌਕੇ ਆਪਣੇ ਸੰਦੇਸ਼ ‘ਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।

ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ‘ਚ ਵੀ ਉਸੇ ਤਰ੍ਹਾਂ ਸਾਰਥਕ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ ‘ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Click to comment

Leave a Reply

Your email address will not be published.

Most Popular

To Top