ਮੂਸੇਵਾਲਾ ਕੇਸ ’ਚ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤਲਬ, ਪੁਲਿਸ ਨੇ ਜਾਣਕਾਰੀ ਦੇਣ ਤੋਂ ਕੀਤਾ ਇਨਕਾਰ

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਖ-ਵੱਖ ਕਲਾਕਾਰਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਜਾ ਰਿਹਾ ਹੈ। ਹੁਣ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਦੇ ਹੱਥ ਕੁਝ ਅਜਿਹੇ ਸਬੂਤ ਲੱਗੇ ਹਨ ਜਿਸ ਕਰਕੇ ਸਿੱਧੂ ਮੂਸੇਵਾਲਾ ਕਤਲ ਕੇਸ ਦੀਆਂ ਤਾਰਾਂ ਮਿਊਜ਼ਿਕ ਇੰਡਸਟਰੀ ਨਾਲ ਜੁੜਦੀਆਂ ਦਿਖਾਈ ਦੇ ਰਹੀਆਂ ਹਨ।
ਪੁਲਿਸ ਨੇ ਇਸ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਤਹਿਤ ਪੁਲਿਸ ਨੇ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਨੂੰ ਪੁੱਛ-ਪੜਤਾਲ ਲਈ ਸੱਦਿਆ ਹੈ। ਇਸ ਸਬੰਧੀ ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਕਿਹਾ ਕਿ ਗਾਇਕਾਂ ਨੂੰ ਮਾਨਸਾ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਗਾਇਕਾਂ ਨੂੰ ਵੱਖ-ਵੱਖ ਤਰੀਕਾਂ ਤੇ ਸੱਦਿਆ ਹੈ। ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ, ਜੋ ਇੱਕ ਸੀਨੀਅਰ ਪੁਲਿਸ ਅਧਿਕਾਰੀ ਦਾ ਪੁੱਤਰ ਦੱਸਿਆ ਗਿਆ ਹੈ ਤੇ ਬਾਵਾ ਸੰਧੂ, ਜੋ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨਜ਼ਦੀਕੀ ਹੈ, ਨੂੰ ਵੀ ਤਲਬ ਕੀਤਾ ਹੈ। ਇਸ ਤੋਂ ਇਲਾਵਾ ਮੁਕਤਸਰ ਜ਼ਿਲ੍ਹੇ ਦੇ ਪਿੰਡ ਭੰਗਚੜੀ ਦੇ ਦੋ ਜਣਿਆਂ ਨੂੰ ਵੀ ਸੱਦਿਆ ਗਿਆ ਹੈ।