ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ‘ਚ ਕੱਲ੍ਹ ਪਵੇਗਾ ਮੀਂਹ, ਚੱਲਣਗੀਆਂ ਧੂੜ ਭਰੀਆਂ ਹਵਾਵਾਂ

ਪੰਜਾਬ ਦੇ ਨਾਲ ਨਾਲ ਹੋਰਨਾਂ ਸੂਬਿਆਂ ਵਿੱਚ ਵੀ ਗਰਮੀ ਦਾ ਕਹਿਰ ਜਾਰੀ ਹੈ। ਹਰਿਆਣਾ ਅਤੇ ਪੰਜਾਬ ਵਿੱਚ ਵੀ ਗਰਮੀ ਨੇ ਰਿਕਾਰਡ ਤੋੜੇ ਹਨ। ਦੋਵਾਂ ਰਾਜਾਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਮੰਗਲਵਾਰ ਅਤੇ ਬੁੱਧਵਾਰ ਨੂੰ ਦੱਖਣੀ ਪੰਜਾਬ ਅਤੇ ਹਰਿਆਣਾ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਐਤਵਾਰ ਨੂੰ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਸ਼ੁਰੂ ਹੋ ਗਈ। ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਐਸਏਐਸ ਨਗਰ ਵਿੱਚ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ।
ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਬਰਨਾਲਾ, ਮਾਨਸਾ, ਬਠਿੰਡਾ, ਸੰਗਰੂਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਾਜ਼ਿਲਕਾ ਵਿੱਚ ਹੀਟਵੇਵ ਚੱਲ ਰਹੀ ਸੀ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਤੀਜੇ ਦਿਨ 40 ਡਿਗਰੀ ਤੋਂ ਉਪਰ ਰਿਹਾ। 11 ਸਾਲਾਂ ‘ਚ ਇਹ ਪਹਿਲੀ ਵਾਰ ਹੈ ਕਿ ਅਪ੍ਰੈਲ ਦੇ ਦੂਜੇ ਹਫਤੇ ਹੀ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।
