ਯੂਕਰੇਨ ’ਚ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮਾਨ ਨੇ ਮੋਦੀ ਸਰਕਾਰ ਨੂੰ ਕੀਤੀ ਅਪੀਲ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕ੍ਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਏਅਰਲਾਈਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਕਈ ਗੁਣਾਂ ਵਾਧੇ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਮਾਨ ਨੇ ਵਿਦਿਆਰਥੀਆਂ ਤੇ ਹੋਰ ਯਾਤਰੀਆਂ ਦੇ ਨਾਲ ਏਅਰ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਇਸ ਅੰਨ੍ਹੀ ਲੁੱਟ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ, ਯੂਕ੍ਰੇਨ ਅਤੇ ਰੂਸ ਵਿਚਾਲੇ ਬਣੇ ਅਣਸੁਖਾਵੇਂ ਹਾਲਾਤ ਕਾਰਨ ਯੂਕ੍ਰੇਨ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕ੍ਰੇਨ ਛੱਡ ਕੇ ਵਾਪਸ ਆਉਣ ਦੇ ਹੁਕਮ ਤਾਂ ਜਾਰੀ ਕੀਤੇ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ। ਨਾ ਕਿਸੇ ਏਅਰਲਾਈਨਜ਼ ਨੂੰ ਜ਼ਿੰਮੇਵਾਰੀ ਸੌਂਪੀ ਹੈ ਅਤੇ ਨਾ ਹੀ ਜਹਾਜ਼ਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਤੇ ਕੰਟਰੋਲ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੇ ਯੂਕ੍ਰੇਨ ਸਥਿਤ ਭਾਰਤੀ ਅੰਬੈਸੀ ਤੇ ਕਿਸੇ ਵੀ ਤਰ੍ਹਾਂ ਸਹਿਯੋਗ ਨਾ ਕਰਨ ਦਾ ਇਲਜ਼ਾਮ ਲਾਇਆ ਹੈ ਜੋ ਕਿ ਬਹੁਤ ਮੰਦਭਾਗਾ ਹੈ। ਉਹਨਾਂ ਕਿਹਾ ਕਿ ਯੂਕ੍ਰੇਨ ਵਿੱਚ ਫਸੇ ਭਾਰਤੀਆਂ ਲਈ ਭਾਰਤੀ ਦੂਤਘਰ ਹੀ ਇਕਲੌਤਾ ਸਹਾਰਾ ਹੈ ਪਰ ਭਾਰਤ ਸਰਕਾਰ ਨੇ ਭਾਰਤੀ ਅੰਬੈਸੀ ਦੇ ਸਟਾਫ ਅਤੇ ਉਹਨਾਂ ਦੇ ਸਕੇ-ਸਬੰਧੀਆਂ ਨੂੰ ਪਹਿਲਾਂ ਹੀ ਭਾਰਤ ਬੁਲਾ ਲਿਆ, ਜਦੋਂ ਸੈਂਕੜੇ ਭਾਰਤੀ ਵਿਦਿਆਰਥੀ ਅਤੇ ਹੋਰ ਭਾਰਤੀ ਯਾਤਰੀ ਯੂਕ੍ਰੇਨ ਵਿੱਚ ਮਦਦ ਲਈ ਭਾਰਤੀ ਅੰਬੈਸੀ ਨੂੰ ਅਪੀਲਾਂ ਕਰ ਰਹੇ ਹਨ।
