ਰਵਨੀਤ ਬਿੱਟੂ ਦੀ ਚੇਤਾਵਨੀ, 11 ਜਨਵਰੀ ਨੂੰ ‘ਭਾਰਤ ਜੋੜੋ ਯਾਤਰਾ’ ਦਾ ਮੂੰਹ ਵਿਜੀਲੈਂਸ ਵੱਲ ਵੀ ਕੀਤਾ ਜਾ ਸਕਦਾ

ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਦੇ ਪੀਏ ਤੇ ਪੁਲਿਸ ਹਿਰਾਸਤ ਵਿੱਚ ਅਣਮਨੁੱਖੀ ਵਰਤਾਰੇ ਦੇ ਇਲਜ਼ਾਮ ਲਾਏ ਹਨ। ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬਦਲੇ ਵਾਲੀ ਕਾਰਵਾਈ ਨਾ ਰੋਕੀ ਤਾਂ 11 ਜਨਵਰੀ ਨੂੰ ਪੰਜਾਬ ਆ ਰਹੀ ਭਾਰਤ ਜੋੜੋ ਯਾਤਰਾ ਦਾ ਮੂੰਹ ਵਿਜੀਲੈਂਸ ਵੱਲ ਵੀ ਕੀਤਾ ਜਾ ਸਕਦਾ ਹੈ।
ਉਹਨਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਲਾਏ ਜਾ ਰਹੇ ਇਲਜ਼ਾਮਾਂ ਨੂੰ ਵੀ ਬੇਬੁਨਿਆਦ ਕਿਹਾ ਹੈ। ਉਹਨਾਂ ਆਖਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਨੂੰ ਚਾਹ ਪਿਲਾਉਣ ਤੇ ਖਾਣਾ ਖਵਾਉਣ ਤੇ ਖਰਚ ਕਰਨ ਦੀ ਕਾਰਵਾਈ ‘ਆਪ’ ਸਰਕਾਰ ਤੋਂ ਬਰਦਾਸ਼ਤ ਨਹੀਂ ਹੋ ਰਹੀ।
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਦੀ ਸਰਕਾਰ ਦਾ ਕੰਟਰੋਲ ਤਾਂ ਦਿੱਲੀ ਕੋਲ ਹੈ। ਉਹਨਾਂ ਨੇ ਆਪ ਦੀ ਲੀਡਰਸ਼ਿਪ ਤੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪੰਜਾਬ ਵਿੱਚੋਂ ਧੰਨ ਇਕੱਠਾ ਕਰਨ ਦੇ ਇਲਜ਼ਾਮ ਵੀ ਲਾਏ ਹਨ। ਇਸੇ ਦੌਰਾਨ ਬਿੱਟੂ ਨੇ ਨੋਟਬੰਦੀ ਨੂੰ ਕੇਂਦਰੀ ਹਕੂਮਤ ਦਾ ਮੰਦਭਾਗਾ ਫ਼ੈਸਲਾ ਕਰਾਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸੀ ਰਵਨੀਤ ਬਿੱਟੂ ਨੇ ਮੰਗਲਵਾਰ ਨੂੰ ਪਟਿਆਲਾ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਆਸ਼ੂ ਨਾਲ ਮੁਲਾਕਾਤ ਕੀਤੀ।