ਰਾਜਨੀਤੀ ’ਚ ਆਉਣਗੇ ਰਾਜੇਵਾਲ, ‘ਆਪ’ ਦਾ ਮੁੱਖ ਮੰਤਰੀ ਚਿਹਰਾ ਬਣਨ ਬਾਰੇ ਦਿੱਤਾ ਇਹ ਬਿਆਨ

ਅਕਾਲੀ ਦਲ ਕਾਂਗਰਸ, ਆਪ ਤੇ ਭਾਜਪਾ ਪੰਜਾਬ ਦੀਆਂ 2022 ਦੀਆਂ ਚੋਣਾਂ ਜਿੱਤਣ ਲਈ ਪੂਰੀ ਵਾਹ ਲਾ ਰਹੀਆਂ ਹਨ। ਅਜਿਹੇ ਵਿੱਚ ਆਮ ਆਦਮੀ ਪਾਰਟੀ ਦੇ ਸਾਹਮਣੇ ਮੁੱਖ ਮੰਤਰੀ ਦਾ ਚਿਹਰਾ ਸਭ ਤੋਂ ਵੱਡੀ ਚੁਣੌਤੀ ਹੈ। ਚਰਚਾ ਚੱਲ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਨਾਲ ਗੱਲਬਾਤ ਚੱਲ ਰਹੀ ਹੈ।

ਪਰ ਉੱਧਰ ਰਾਜੇਵਾਲ ਨੇ ਸਪੱਸ਼ਟ ਕੀਤਾ ਕਿ ਅਜੇ ਅਜਿਹਾ ਕੁਝ ਵੀ ਨਹੀਂ ਹੈ। ਉਹਨਾਂ ਨੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਦੀਆਂ ਅਟਕਲਾਂ ਦਾ ਵੀ ਖੰਡਨ ਕੀਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਇਸ ਮੁੱਦੇ ਤੇ ਆਪ ਆਗੂਆਂ ਨਾਲ ਕੋਈ ਗੱਲ ਨਹੀਂ ਕੀਤੀ। ਉਂਝ ਉਹਨਾਂ ਇਹ ਵੀ ਕਿਹਾ ਕਿ ਜੇ ਆਪ ਵੱਲੋਂ ਉਹਨਾਂ ਨਾਲ ਸੰਪਰਕ ਕੀਤਾ ਜਾਂਦਾ ਹੈ ਤਾਂ ਉਹ ਇਸ ਤੇ ਵਿਚਾਰ ਕਰਨਗੇ।
ਫਿਲਹਾਲ ਉਹਨਾਂ ਨੇ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਕੋਈ ਫ਼ੈਸਲਾ ਨਹੀਂ ਲਿਆ। ਦੱਸ ਦਈਏ ਕਿ 32 ਕਿਸਾਨ ਜੱਥੇਬੰਦੀਆਂ ਦਾ ਸਾਂਝਾ ਮੋਰਚਾ ਕੇਂਦਰ ਸਰਕਾਰ ਖਿਲਾਫ਼ ਸਾਲ ਭਰ ਚੱਲੇ ਸੰਘਰਸ਼ ਨੂੰ ਜਿੱਤਣ ਪਿੱਛੋਂ ਪੂਰੇ ਜੋਸ਼ ਵਿੱਚ ਹੈ। ਕੁਝ ਕਿਸਾਨ ਲੀਡਰਾਂ ਨੇ ਸੰਕੇਤ ਦਿੱਤੇ ਹਨ ਕਿ ਪੰਜਾਬ ਪਰਤਣ ਤੋਂ ਬਾਅਦ ਸਾਂਝਾ ਮੋਰਚਾ ਸਿਆਸੀ ਪਾਰਟੀ ਵਜੋਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਵੀ ਵਿਚਾਰ ਕਰੇਗਾ।
ਉਹਨਾਂ ਕਿਹਾ ਕਿ ਭਾਵੇਂ ਹੁਣ ਤਕ ਕਿਸਾਨ ਅੰਦੋਲਨ ਕਿਸੇ ਵੀ ਸਿਆਸੀ ਪਾਰਟੀ ਤੋਂ ਵੱਖ ਹੋ ਕੇ ਪੂਰੀ ਤਰ੍ਹਾਂ ਗੈਰ-ਸਿਆਸੀ ਪਾਰਟੀ ਵਜੋਂ ਚਲਾਇਆ ਜਾਂਦਾ ਰਿਹਾ ਹੈ, ਪਰ ਜੇ ਪੰਜਾਬ ਦੇ ਕਿਸਾਨਾਂ ਦੇ ਮਸਲਿਆਂ ਦਾ ਕੋਈ ਹੱਲ ਨਾ ਨਿਕਲਿਆ ਤਾਂ ਸਾਂਝਾ ਮੋਰਚਾ ਖੁਦ ਹੀ ਸਿਆਸਤ ਵਿੱਚ ਆਉਣ ਬਾਰੇ ਵਿਚਾਰ ਕਰੇਗਾ।
