ਰਾਜਸਥਾਨ ਦੇ ਰਾਜਪਾਲ ਦਾ ਵੱਡਾ ਬਿਆਨ ‘ਲੋੜ ਪਈ ਤਾਂ ਫਿਰ ਬਣ ਸਕਦੇ ਹਨ ਕਾਨੂੰਨ

ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕਲਰਾਜ ਮਿਸ਼ਰਾ ਨੇ ਕਿਹਾ ਕਿ ਜੇ ਲੋੜ ਪਈ ਤਾਂ ਦੁਬਾਰਾ ਕਾਨੂੰਨ ਬਣ ਸਕਦੇ ਹਨ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸਰਕਾਰ ਦੇ ਇਸ ਕਦਮ ਨੂੰ ਚੰਗਾ ਦੱਸਿਆ।

ਹੁਣ ਸਮਾਂ ਅਨੁਕੂਲ ਨਹੀਂ ਹੈ ਜੇ ਲੋੜ ਪਈ ਤਾਂ ਦੁਬਾਰਾ ਕਾਨੂੰਨ ਬਣਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਸਮੇਂ ਕਿਸਾਨ ਇਸ ਨੂੰ ਵਾਪਸ ਲੈਣ ਦੀ ਲਗਾਤਾਰ ਮੰਗ ਕਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਨੇ ਤਿੰਨੋਂ ਕਾਨੂੰਨ ਵਾਪਸ ਲੈ ਲਏ। ਦੱਸ ਦਈਏ ਕਿ ਪੀਐਮ ਮੋਦੀ ਨੇ ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ।
ਜਿਸ ਤੋਂ ਬਾਅਦ ਵਿਰੋਧੀ ਧਿਰ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ਤੇ ਵੱਖ-ਵੱਖ ਬਿਆਨ ਆ ਰਹੇ ਹਨ। ਇਸੇ ਦੌਰਾਨ ਭਦੋਹੀ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵੱਡਾ ਬਿਆਨ ਦਿੱਤਾ ਹੈ।
ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ, ਸਰਕਾਰ ਨੇ ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝਾਉਣ ਦੀ ਕੋਸ਼ਿਸ਼ ਕੀਤੀ। ਹਾਂ ਪੱਖੀ ਪੱਖ ਰੱਖਿਆ ਗਿਆ ਪਰ ਕਿਸਾਨ, ਅੰਦੋਲਨ ਤੇ ਉਤਾਰੂ ਸਨ। ਉਨ੍ਹਾਂ ਸਰਕਾਰ ਦੇ ਇਸ ਕਦਮ ਨੂੰ ਸ਼ਲਾਘਾਯੋਗ ਦੱਸਿਆ।
ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਇੱਕ ਸਕਾਰਾਤਮਕ ਦਿਸ਼ਾ ਵਿੱਚ ਇੱਕ ਉਪਰਾਲਾ ਹੈ, ਜੋ ਕਾਨੂੰਨ ਸਨ, ਉਹ ਕਿਸਾਨਾਂ ਦੇ ਹਿੱਤ ਵਿੱਚ ਬਣਾਏ ਗਏ ਸਨ। ਕਿਸਾਨ ਲਗਾਤਾਰ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਸਨ, ਇਸ ਲਈ ਸਰਕਾਰ ਨੇ ਕਾਨੂੰਨ ਵਾਪਸ ਲੈ ਲਿਆ ਹੈ।
