ਰਾਮ ਰਹੀਮ ਦੀ ਫਰਲੋ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ

ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 3 ਹਫ਼ਤਿਆਂ ਦੀ ਫਰਲੋ ਦਿੱਤੀ ਹੈ। ਇਸ ਮਾਮਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਕਿ ਜਦੋਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਸੀ ਉਦੋਂ ਵੀ ਪੰਚਕੂਲਾ ਵਿੱਚ ਕਾਫ਼ੀ ਮਾਹੌਲ ਭਖ ਗਿਆ ਸੀ।

ਅਜਿਹੇ ਵਿੱਚ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ਨੂੰ ਪੂਰੀ ਤਰ੍ਹਾਂ ਗਲਤ ਮੰਨਿਆ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਈ ਸੁਣਵਾਈ ‘ਚ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਦੇ ਪੱਖ ‘ਚ ਅਦਾਲਤ ਦੇ ਸਾਹਮਣੇ ਦਲੀਲਾਂ ਪੇਸ਼ ਕੀਤੀਆਂ। ਉਨ੍ਹਾਂ ਫਰਲੋ ਨੂੰ ਨਿਯਮਾਂ ਤਹਿਤ ਦੱਸਿਆ।
ਇਸ ਦੇ ਨਾਲ ਹੀ ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਤੇ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹੁਣ ਅਦਾਲਤ ਇਸ ‘ਤੇ ਅੱਜ ਫਿਰ ਸੁਣਵਾਈ ਕਰੇਗੀ। ਚੱਲ ਰਹੇ ਫਰਲੋ ਵਿਵਾਦ ਦਰਮਿਆਨ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਰਿਹਾਈ ਦੌਰਾਨ ਜ਼ੈੱਡ+ ਸੁਰੱਖਿਆ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਡੇਰਾ ਸੱਚਾ ਸੌਦਾ ਮੁਖੀ ਨੂੰ 7 ਫਰਵਰੀ ਨੂੰ ਰਿਹਾਅ ਕੀਤਾ ਗਿਆ ਸੀ। ਗੁਰਮੀਤ ਰਾਮ ਰਹੀਮ ਸਿੰਘ ਇਸ ਸਮੇਂ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ ਦੇ ਆਸ਼ਰਮ ‘ਚ ਹੈ ਤੇ ਉਸ ਨੂੰ ਸਖ਼ਤ ਸੁਰੱਖਿਆ ‘ਚ ਰੱਖਿਆ ਗਿਆ ਹੈ।
