ਰਾਮ ਰਹੀਮ ਦੀ ਫਰਲੋ ਮਾਮਲੇ ਤੇ ਹਾਈਕੋਰਟ ਦਾ ਫ਼ੈਸਲਾ, 25 ਫਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ

ਰਾਮ ਰਹੀਮ ਸਿੰਘ ਨੂੰ ਫਰਲੋ ਦੇ ਮਾਮਲੇ ਵਿਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਅਤੇ ਫਰਲੋ ਵਿਰੁੱਧ ਅਰਜ਼ੀਕਰਤਾ ਨੂੰ ਮਾਮਲੇ ਸੰਬੰਧੀ ਕੁੱਝ ਜੱਜਮੈਂਟਾਂ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਫਰਵਰੀ ਮੁਕੱਰਰ ਕੀਤੀ ਗਈ ਹੈ।
ਦੱਸ ਦਈਏ ਕਿ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 3 ਹਫ਼ਤਿਆਂ ਦੀ ਫਰਲੋ ਦਿੱਤੀ ਹੈ। ਇਸ ਮਾਮਲੇ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਕਿ ਜਦੋਂ ਰਾਮ ਰਹੀਮ ਨੂੰ ਸਜ਼ਾ ਸੁਣਾਈ ਗਈ ਸੀ ਉਦੋਂ ਵੀ ਪੰਚਕੂਲਾ ਵਿੱਚ ਕਾਫ਼ੀ ਮਾਹੌਲ ਭਖ ਗਿਆ ਸੀ।
ਅਜਿਹੇ ਵਿੱਚ ਹਰਿਆਣਾ ਸਰਕਾਰ ਦੇ ਇਸ ਫ਼ੈਸਲੇ ਨੂੰ ਪੂਰੀ ਤਰ੍ਹਾਂ ਗਲਤ ਮੰਨਿਆ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੋਈ ਸੁਣਵਾਈ ‘ਚ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਰਾਮ ਰਹੀਮ ਨੂੰ ਦਿੱਤੀ ਗਈ ਫਰਲੋ ਦੇ ਪੱਖ ‘ਚ ਅਦਾਲਤ ਦੇ ਸਾਹਮਣੇ ਦਲੀਲਾਂ ਪੇਸ਼ ਕੀਤੀਆਂ। ਉਨ੍ਹਾਂ ਫਰਲੋ ਨੂੰ ਨਿਯਮਾਂ ਤਹਿਤ ਦੱਸਿਆ।
ਇਸ ਦੇ ਨਾਲ ਹੀ ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਤੇ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
