ਲਖਨਊ ‘ਚ ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ, ਅੰਦੋਲਨ ਦੇ ਭਵਿੱਖ ਦੀ ਰਣਨੀਤੀ ‘ਤੇ ਕਰੇਗਾ ਵਿਚਾਰ

ਲਖਨਊ ‘ਚ ਅੱਜ ਕਿਸਾਨ ਮਹਾਂਪੰਚਾਇਤ ਹੋਣ ਜਾ ਰਹੀ ਹੈ ਜਿਸ ਵਿੱਚ ਕਈ ਵੱਡੇ ਕਿਸਾਨ ਆਗੂ ਸ਼ਮਿਲ ਹੋਣਗੇ।

ਲਖਨਊ ‘ਚ ਕਿਸਾਨ ਮਹਾਪੰਚਾਇਤ ਕਰਕੇ ਮੋਦੀ ਸਰਕਾਰ ਨੂੰ ਅਪਾਣੀ ਤਾਕਤ ਦਿਖਾਉਣ ਦੀ ਕੋਸ਼ਿਸ਼ ਕਰਨਗੇ ਜਿਸ ‘ਚ ਸੰਯੁਕਤ ਕਿਸਾਨ ਮੋਰਚਾ ਅੰਦੋਲਨ ਦੇ ਭਵਿੱਖ ਦੀ ਰਣਨੀਤੀ ‘ਤੇ ਵਿਚਾਰ ਕਰੇਗਾ। ‘

ਇਸ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਸਮੇਤ ਕਈ ਕਿਸਾਨ ਆਗੂ ਹਾਜ਼ਰ ਹੋਣਗੇ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਕਿਸਾਨ ਮਹਾਪੰਚਾਇਤ ‘ਚ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਤਵਾਰ ਨੂੰ ‘ਚਲੋ ਲਖਨਊ-ਚਲੋ ਲਖਨਊ’ ਦੇ ਨਾਅਰੇ ਨਾਲ ਟਵੀਟ ਕੀਤਾ, ”ਸਰਕਾਰ ਵੱਲੋਂ ਜਿਨ੍ਹਾਂ ਖੇਤੀ ਸੁਧਾਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਫਰਜ਼ੀ ਅਤੇ ਨਕਲੀ ਹਨ।

ਇਨ੍ਹਾਂ ਸੁਧਾਰਾਂ ਨਾਲ ਕਿਸਾਨਾਂ ਦੀ ਦੁਰਦਸ਼ਾ ਰੁਕਣ ਵਾਲੀ ਨਹੀਂ ਹੈ। ਸਭ ਤੋਂ ਵੱਡਾ ਸੁਧਾਰ ਖੇਤੀਬਾੜੀ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣਾ ਹੋਵੇਗਾ।”ਮਹਾਂਪੰਚਾਇਤ ‘ਚ ਸ਼ਾਮਿਲ ਹੋਣ ਲਈ ਕਿਸਾਨ ਆਉਣੇ ਸ਼ੁਰੂ ਹੋ ਗਏ ਨੇ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਕੁਲਦੀਪ ਸਿੰਘ ਬਜ਼ੀਦਪੁਰ ਨੇ ਕਿਹਾ ਕਿ ਕਿਸਾਨ ਅਤੇ ਬੀਬੀਆਂ ਲਖਨਊ ਏਅਰਪੋਰਟ ‘ਤੇ ਬਾਕੀ ਰਾਜਾਂ ਤੋਂ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਖੜ੍ਹੀਆਂ ਹਨ।
ਉਹਨਾਂ ਕਿਹਾ ਕਿ ਕਿਸਾਨ ਮਜ਼ਦੂਰਾਂ ਦੀ ਇੱਕਜੁੱਟਤਾ ਨੂੰ ਦੇਖਦੇ ਹੋਏ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕੇਂਦਰ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਦੇ ਬਾਵਜੂਦ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ (ਐੱਮ.ਐੱਸ.ਪੀ.) ਦੀ ਗਾਰੰਟੀ ਵਾਲਾ ਕਾਨੂੰਨ ਨਹੀਂ ਬਣਾਉਂਦੀ ਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।
ਦੱਸ ਦਈਏ ਕਿ ਪ੍ਰਧਾਨ ਮੰਥਰੀ ਦੇ ਐਲਾਨ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਕਿਸਾਨਾਂ ਵੱਲੋਂ ਰੱਦ ਨਹੀਂ ਕੀਤਾ ਗਿਆ ਸੀ।
