ਲਖੀਮਪੁਰ ਖੀਰੀ ਘਟਨਾ ’ਚ ਆਸ਼ੀਸ਼ ਮਿਸ਼ਰਾ ਨੂੰ ਵੱਡਾ ਝਟਕਾ, ਜ਼ਮਾਨਤ ਹੋਈ ਰੱਦ

ਲਖੀਮਪੁਰ ਖੀਰੀ ਘਟਨਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਝਟਕਾ ਮਿਲਿਆ ਹੈ। ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਾਰਜ ਕਰ ਦਿੱਤੀ ਹੈ। ਉਸ ਨੂੰ ਇਕ ਹਫਤੇ ਅੰਦਰ ਸਰੈਂਡਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਹਾਈ ਕੋਰਟ ਨੇ ਪੀੜਤ ਧਿਰ ਦੀ ਸੁਣਵਾਈ ਨਹੀਂ ਕੀਤੀ।

ਉਸ ਨੂੰ ਜਲਦਬਾਜ਼ੀ ਵਿੱਚ ਜ਼ਮਾਨਤ ਦੇ ਦਿੱਤੀ ਗਈ। ਹਾਈਕੋਰਟ ਇਸ ਮਾਮਲੇ ‘ਤੇ ਦੁਬਾਰਾ ਸੁਣਵਾਈ ਕਰੇਗਾ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਇਆ।
ਇਸ ਤੋਂ ਪਹਿਲਾਂ 4 ਅਪ੍ਰੈਲ ਨੂੰ ਚੀਫ਼ ਜਸਟਿਸ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦਈਏ ਕਿ 10 ਫਰਵਰੀ ਨੂੰ ਇਲਾਹਾਬਾਦ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਇਸ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦਿੱਤੀ ਸੀ। ਇਸ ਤੋਂ ਪਹਿਲਾਂ ਉਹ ਚਾਰ ਮਹੀਨੇ ਤੱਕ ਹਿਰਾਸਤ ਵਿੱਚ ਸੀ। ਲਖੀਮਪੁਰ ਖੀਰੀ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
