ਲਤੀਫ਼ਪੁਰਾ ‘ਚ 50 ਪਰਿਵਾਰ ਉਜਾੜੇ ਜਾਣ ’ਤੇ ਭੜਕੇ ਖਹਿਰਾ, ਕਿਹਾ, ਲੋਕਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ ਸਰਕਾਰ

ਜਲੰਧਰ ਦੇ ਲਤੀਫ਼ਪੁਰਾ ਵਿੱਚ ਲਗਭਗ 50 ਦੇ ਕਰੀਬ ਪਰਿਵਾਰਾਂ ਨੂੰ ਉਜਾੜੇ ਜਾਣ ਤੇ ਮਾਨ ਸਰਕਾਰ ਘਿਰ ਗਈ ਹੈ। ਵਿਰੋਧੀ ਪਾਰਟੀਆਂ ਲਗਾਤਾਰ ਮਾਨ ਸਰਕਾਰ ਤੇ ਨਿਸ਼ਾਨੇ ਲਾ ਰਹੀਆਂ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦੇ ਹਨ ਪਰ ਲੋਕਾਂ ਨੂੰ ਬਦਲਵਾਂ ਪ੍ਰਬੰਧ ਕਰਕੇ ਦੇਣਾ ਪੰਜਾਬ ਸਰਕਾਰ ਦਾ ਨੈਤਿਕ ਫਰਜ਼ ਬਣਦਾ ਸੀ ਕਿ ਉਹ ਆਪਣੇ ਲੋਕਾਂ ਦੇ ਜੀਵਨ ਦੀ ਸੁਰੱਖਿਆ ਯਕੀਨੀ ਬਣਾਵੇ।
ਉਹਨਾਂ ਕਬਜ਼ੇ ਹਟਾਉਣ ਵੇਲੇ ਇੱਕ ਸੀਨੀਅਰ ਪੁਲਿਸਸ ਅਧਿਕਾਰੀ ਦੇ ਵਤੀਰੇ ਦੀ ਵੀ ਨਿਖੇਧੀ ਕੀਤੀ, ਜੋ ਪਰਿਵਾਰ ਦੀਆਂ ਔਰਤਾਂ ਦੇ ਸਾਹਮਣੇ ਹੀ ਭੱਦੀ ਸ਼ਬਦਾਵਲੀ ਵਰਤ ਰਿਹਾ ਸੀ। ਉਹਨਾਂ ਮੰਗ ਕੀਤੀ ਕਿ ਅਜਿਹੇ ਪੁਲਿਸ ਅਫ਼ਸਰਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਉਜਾੜੇ ਗਏ ਲੋਕਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਕੇ ਉਹਨਾਂ ਨੂੰ ਤੁਰੰਤ ਤਰਪਾਲਾਂ ਦੇ ਖਾਣ-ਪੀਣ ਸਮਾਨ ਮੁਹੱਈਆ ਕਰਵਾਏ।
ਉਧਰ, ਆਮ ਆਦਮੀ ਪਾਰਟੀ ਨੇ ਜਲੰਧਰ ਦੇ ਲਤੀਫ਼ਪੁਰਾ ਵਿੱਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਮਗਰੋਂ ਬੇਘਰ ਹੋਏ ਪਰਿਵਾਰਾਂ ਦੇ ਮੁੜ ਵਸੇਬੇ ਤੇ ਉਨ੍ਹਾਂ ਨੂੰ ਜਲੰਧਰ ਵਿੱਚ ਉੱਚ-ਸ਼੍ਰੇਣੀ ਦੇ ਘਰ ਬਣਾ ਕੇ ਦੇਣ ਦਾ ਐਲਾਨ ਕੀਤਾ ਹੈ। ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ‘ਆਪ’ ਪੰਜਾਬ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹੀ ਚਲਾਈ ਗਈ ਸੀ।
ਉਨ੍ਹਾਂ ਕਿਹਾ ਕਿ ਇਹ ਮਕਾਨ ਸਰਕਾਰੀ ਜ਼ਮੀਨ ’ਤੇ ਬਣਾਏ ਗਏ ਸਨ ਤੇ ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ ਵਿੱਚ ਫ਼ੈਸਲਾ ਦਿੱਤਾ ਸੀ। ਇਸ ਮਾਮਲੇ ’ਚ ਟਰੱਸਟ ਖ਼ਿਲਾਫ਼ ਅਦਾਲਤ ਦੀ ਮਾਣਹਾਨੀ ਦਾ ਕੇਸ ਵੀ ਚੱਲ ਰਿਹਾ ਸੀ, ਜਿਸ ਕਾਰਨ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ। ਉਨ੍ਹਾਂ ਨੇ ਇਸ ਬਾਰੇ ਸੁਪਰੀਮ ਕੋਰਟ ’ਚ ਸਟੇਟਸ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਘਟੀਆ ਨੀਤੀਆਂ ਦੇ ਉਲਟ ‘ਆਪ’ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਤੇ ਸਰਕਾਰ ਪ੍ਰਭਾਵਿਤ ਗਰੀਬ ਪਰਿਵਾਰਾਂ ਨੂੰ ਉੱਚ ਦਰਜੇ ਦੇ ਮਕਾਨ ਮੁਹੱਈਆ ਕਰਾਏਗੀ।